-ਗ੍ਰਿਫ਼ਤਾਰ ਕੀਤੇ ਗਏ ਮੁਲਜ਼ਮ ਨੇ ਨਿਸ਼ਾਨ ਜੋਰੀਆਂ ਦੇ ਨਾਮ ‘ਤੇ ਮੋਬਾਈਲ ਸਟੋਰ ਦੇ ਮਾਲਕ ਤੋਂ ਮੰਗੀ 2 ਕਰੋੜ ਰੁਪਏ ਦੀ ਫਿਰੌਤੀ: ਡੀਜੀਪੀ ਗੌਰਵ ਯਾਦਵ
—ਦੋਸ਼ੀ ਨੇ ਪੁਲਿਸ ਪਾਰਟੀ ‘ਤੇ ਕੀਤੀ ਗੋਲੀਬਾਰੀ, ਜਵਾਬੀ ਗੋਲੀਬਾਰੀ ਵਿੱਚ ਹੋਇਆ ਜ਼ਖਮੀ: ਡੀਆਈਜੀ ਬਾਰਡਰ ਰੇਂਜ ਸੰਦੀਪ ਗੋਇਲ
—ਗੋਲੀਬਾਰੀ ਦੀ ਘਟਨਾ ਵਿੱਚ ਸ਼ਾਮਲ ਬਾਕੀ ਦੋਸ਼ੀਆਂ ਨੂੰ ਕਾਬੂ ਕਰਨ ਲਈ ਛਾਪੇਮਾਰੀ ਜਾਰੀ: ਐਸਐਸਪੀ ਬਟਾਲਾ ਮਹਿਤਾਬ ਸਿੰਘ*
ਬਟਾਲਾ, 27 ਨਵੰਬਰ:ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਦਿਸ਼ਾ-ਨਿਰਦੇਸ਼ਾਂ ਅਨੁਸਾਰ ਪੰਜਾਬ ਨੂੰ ਸੁਰੱਖਿਅਤ ਸੂਬਾ ਬਣਾਉਣ ਲਈ ਚੱਲ ਰਹੀ ਮੁਹਿੰਮ ਦੌਰਾਨ ਵੱਡੀ ਸਫ਼ਲਤਾ ਹਾਸਲ ਕਰਦਿਆਂ, ਬਟਾਲਾ ਪੁਲਿਸ ਨੇ ਬਟਾਲਾ ਵਿੱਚ ਫਿਰੌਤੀ ਦੀ ਮੰਗ ਉਪਰੰਤ ਕੀਤੀ ਗੋਲੀਬਾਰੀ ਦੀ ਘਟਨਾ ਵਿੱਚ ਸ਼ਾਮਲ ਗੈਂਗਸਟਰ ਨਿਸ਼ਾਨ ਜੋਰੀਆਂ ਦੇ ਇੱਕ ਮੁੱਖ ਸਾਥੀ ਨੂੰ ਇੱਕ 9 ਐਮਐਮ ਗਲੌਕ ਪਿਸਤੌਲ ਸਮੇਤ ਗ੍ਰਿਫਤਾਰ ਕੀਤਾ ਹੈ। ਇਹ ਜਾਣਕਾਰੀ ਅੱਜ ਇੱਥੇ ਡਾਇਰੈਕਟਰ ਜਨਰਲ ਆਫ਼ ਪੁਲਿਸ (ਡੀਜੀਪੀ) ਪੰਜਾਬ ਗੌਰਵ ਯਾਦਵ ਨੇ ਦਿੱਤੀ।
ਗ੍ਰਿਫ਼ਤਾਰ ਕੀਤੇ ਗਏ ਮੁਲਜ਼ਮ ਦੀ ਪਛਾਣ ਲਵਜੀਤ ਸਿੰਘ ਉਰਫ਼ ਕਾਕਾ ਉਰਫ਼ ਕਵਲਜੀਤ ਵਾਸੀ ਵੈਰੋਵਾਲ ਬਾਵੀਆ, ਬਟਾਲਾ ਵਜੋਂ ਹੋਈ ਹੈ। ਪਿਸਤੌਲ ਬਰਾਮਦ ਕਰਨ ਤੋਂ ਇਲਾਵਾ, ਪੁਲਿਸ ਟੀਮਾਂ ਨੇ ਉਸਦਾ ਮੋਟਰਸਾਈਕਲ ਜਿਸ ‘ਤੇ ਉਹ ਸਵਾਰ ਸੀ, ਵੀ ਜ਼ਬਤ ਕਰ ਲਿਆ ਹੈ।
ਡਿਪਟੀ ਇੰਸਪੈਕਟਰ ਜਨਰਲ ਆਫ਼ ਪੁਲਿਸ (ਡੀਆਈਜੀ) ਬਾਰਡਰ ਰੇਂਜ ਸੰਦੀਪ ਗੋਇਲ ਨੇ ਦੱਸਿਆ ਕਿ ਗੋਲੀਬਾਰੀ ਦੀ ਇਸ ਘਟਨਾ ਤੋਂ ਬਾਅਦ, ਮਾਮਲੇ ਦੀ ਜਾਂਚ ਲਈ ਐਸਪੀ ਇਨਵੈਸਟੀਗੇਸ਼ਨ ਗੁਰਪ੍ਰਤਾਪ ਸਿੰਘ ਸਹੋਤਾ ਦੀ ਨਿਗਰਾਨੀ ਹੇਠ ਵਿਸ਼ੇਸ਼ ਟੀਮਾਂ ਦਾ ਗਠਨ ਕੀਤਾ ਗਿਆ ਸੀ। ਉਨ੍ਹਾਂ ਦੱਸਿਆ ਕਿ ਮਨੁੱਖੀ ਅਤੇ ਤਕਨੀਕੀ ਜਾਂਚ ਉਪਰੰਤ ਪੁਲਿਸ ਟੀਮਾਂ ਨੇ ਦੋਸ਼ੀ ਵਿਅਕਤੀ ਨੂੰ ਉਸ ਸਮੇਂ ਰੋਕਿਆ ਜਦੋਂ ਉਹ ਆਪਣੇ ਮੋਟਰਸਾਈਕਲ ‘ਤੇ ਪਿੰਡ ਕੁਦਾਵਾਲੀ ਤੋਂ ਆ ਰਿਹਾ ਸੀ।
ਡੀਆਈਜੀ ਨੇ ਦੱਸਿਆ ਕਿ ਕਾਰਵਾਈ ਦੌਰਾਨ, ਜਦੋਂ ਪੁਲਿਸ ਟੀਮਾਂ ਨੇ ਦੋਸ਼ੀ ਨੂੰ ਫੜਨ ਦੀ ਕੋਸ਼ਿਸ਼ ਕੀਤੀ ਤਾਂ ਦੋਸ਼ੀ ਨੇ ਪੁਲਿਸ ਪਾਰਟੀ ‘ਤੇ ਗੋਲੀਬਾਰੀ ਕਰ ਦਿੱਤੀ। ਪੁਲਿਸ ਵੱਲੋਂ ਕੀਤੀ ਜਵਾਬੀ ਗੋਲੀਬਾਰੀ ਦੌਰਾਨ ਦੋਸ਼ੀ ਖੱਬੀ ਲੱਤ ‘ਤੇ ਗੋਲੀ ਲੱਗਣ ਕਾਰਨ ਜਖ਼ਮੀ ਹੋ ਗਿਆ।
ਖ਼ਬਰ ਦੀ ਵੀਡੀਓ ਦੇਖਣ ਲਈ ਲਿੰਕ ਉਪਰ ਕਲਿੱਕ ਕਰੋ-

ਡੀਜੀਪੀ ਗੌਰਵ ਯਾਦਵ ਨੇ ਦੱਸਿਆ ਕਿ ਗ੍ਰਿਫ਼ਤਾਰ ਮੁਲਜ਼ਮ ਨੇ ਆਪਣੇ ਸਾਥੀ ਨਾਲ ਮਿਲ ਕੇ 21 ਨਵੰਬਰ ਨੂੰ ਬਟਾਲਾ ਦੇ ਇੱਕ ਮੋਬਾਈਲ ਸਟੋਰ ‘ਤੇ ਗੈਂਗਸਟਰ ਨਿਸ਼ਾਨ ਜੋਰੀਆਂ ਦੇ ਨਾਂ ‘ਤੇ 2 ਕਰੋੜ ਰੁਪਏ ਦੀ ਫਿਰੌਤੀ ਮੰਗਣ ਤੋਂ ਬਾਅਦ ਗੋਲੀਬਾਰੀ ਕੀਤੀ ਸੀ। ਉਨ੍ਹਾਂ ਕਿਹਾ ਕਿ ਇਸ ਮਾਮਲੇ ਦੇ ਅਗਲੇ-ਪਿਛਲੇ ਸਬੰਧ ਸਥਾਪਤ ਕਰਨ ਅਤੇ ਫਿਰੌਤੀ ਦੀ ਸਾਜ਼ਿਸ਼ ਦੇ ਪਿੱਛੇ ਹੈਂਡਲਰਾਂ ਦਾ ਪਤਾ ਲਗਾਉਣ ਲਈ ਹੋਰ ਜਾਂਚ ਜਾਰੀ ਹੈ।

ਇਸ ਸਬੰਧੀ ਹੋਰ ਜਾਣਕਾਰੀ ਦਿੰਦਿਆਂ ਸੀਨੀਅਰ ਸੁਪਰਡੈਂਟ ਆਫ਼ ਪੁਲਿਸ (ਐਸਐਸਪੀ) ਬਟਾਲਾ ਮਹਿਤਾਬ ਸਿੰਘ ਨੇ ਦੱਸਿਆ ਕਿ ਗ੍ਰਿਫ਼ਤਾਰ ਮੁਲਜ਼ਮ ਸਿਵਲ ਹਸਪਤਾਲ ਬਟਾਲਾ ਵਿਖੇ ਜ਼ੇਰੇ ਇਲਾਜ ਹੈ। ਉਨ੍ਹਾਂ ਅੱਗੇ ਕਿਹਾ ਕਿ ਗੋਲੀਬਾਰੀ ਦੀ ਘਟਨਾ ਵਿੱਚ ਸ਼ਾਮਲ ਬਾਕੀ ਮੁਲਜ਼ਮਾਂ ਨੂੰ ਫੜਨ ਲਈ ਪੁਲਿਸ ਟੀਮਾਂ ਵੱਲੋਂ ਛਾਪੇਮਾਰੀ ਕੀਤੀ ਜਾ ਰਹੀ ਹੈ।
ਇਸ ਸਬੰਧੀ, ਐਫਆਈਆਰ ਨੰਬਰ 216 ਮਿਤੀ 20/11/2025 ਨੂੰ ਥਾਣਾ ਸਿਟੀ ਬਟਾਲਾ ਵਿਖੇ ਭਾਰਤੀ ਨਿਆਂ ਸੰਹਿਤਾ (ਬੀਐਨਐਸ) ਦੀ ਧਾਰਾ 308 (2) ਅਧੀਨ, ਐਫਆਈਆਰ ਨੰਬਰ 354 ਮਿਤੀ 21/11/2025 ਨੂੰ ਬੀਐਨਐਸ ਦੀ ਧਾਰਾ 109 ਅਤੇ 305 ਅਤੇ ਅਸਲਾ ਐਕਟ ਦੀ ਧਾਰਾ 25 ਅਧੀਨ ਅਤੇ ਐਫਆਈਆਰ ਨੰਬਰ 219 ਮਿਤੀ 27/11/2025 ਨੂੰ ਥਾਣਾ ਡੇਰਾ ਬਾਬਾ ਨਾਨਕ ਵਿਖੇ ਬੀਐਨਐਸ ਦੀ ਧਾਰਾ 109 ਅਤੇ ਅਸਲਾ ਐਕਟ ਦੀ ਧਾਰਾ 25 ਅਧੀਨ ਤਿੰਨ ਵੱਖ-ਵੱਖ ਮਾਮਲੇ ਦਰਜ ਕੀਤੇ ਗਏ ਹਨ।
