–ਮਾਮਲਾ ਅੰਮ੍ਰਿਤਸਰ ਵਿਚ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ ਗਾਇਬ 328 ਪਾਵਨ ਸਰੂਪਾਂ ਦਾ
ਅੰਮ੍ਰਿਤਸਰ -24 ਦਿਸੰਮਬਰ-(ਬਿਊਰੋ ਰਿਪੋਰਟ)-ਅੰਮ੍ਰਿਤਸਰ ਵਿੱਚ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ 328 ਪਾਵਨ ਸਰੂਪਾਂ ਦੇ ਗਾਇਬ ਹੋਣ ਦੇ ਮਾਮਲੇ ਨੂੰ ਲੈ ਕੇ ਅੱਜ ਸ੍ਰੀ ਗੁਰੂ ਗ੍ਰੰਥ ਸਾਹਿਬ ਸਤਿਕਾਰ ਕਮੇਟੀ ਦੇ ਸਿੰਘਾਂ ਅਤੇ ਵੱਖ-ਵੱਖ ਸਿੱਖ ਜਥੇਬੰਦੀਆਂ ਵਲੋਂ ਪੁਲਿਸ ਕਮਿਸ਼ਨਰ ਦਫ਼ਤਰ ਅੱਗੇ ਇਕੱਠ ਕਰਕੇ ਰੋਸ ਪ੍ਰਦਰਸ਼ਨ ਕੀਤਾ ਗਿਆ।
ਇਸ ਮੌਕੇ ਪੁਲਿਸ ਕਮਿਸ਼ਨਰ ਦੇ ਨਾਮ ਡੀਸੀਪੀ ਰਵਿੰਦਰ ਪਾਲ ਸਿੰਘ ਨੂੰ ਮੰਗ ਪੱਤਰ ਸੌਂਪਿਆ ਗਿਆ। ਪ੍ਰਦਰਸ਼ਨ ਦੌਰਾਨ ਮੀਡੀਆ ਨਾਲ ਗੱਲਬਾਤ ਕਰਦਿਆਂ ਜਥੇਬੰਦੀ ਦੇ ਆਗੂਆਂ ਨੇ ਕਿਹਾ ਕਿ ਸਾਲ 2020 ਵਿੱਚ ਸ੍ਰੀ ਅਕਾਲ ਤਖ਼ਤ ਸਾਹਿਬ ਤੋਂ ਡਾ. ਡਾਕਟਰੀਸ਼ ਸਿੰਘ ਦੀ ਸੁਪਰਵੀਜ਼ਨ ਹੇਠ ਜਾਰੀ ਕੀਤੀ ਗਈ ਰਿਪੋਰਟ ਵਿੱਚ 328 ਪਾਵਨ ਸਰੂਪਾਂ ਦੇ ਗਾਇਬ ਹੋਣ ਦੀ ਪੁਸ਼ਟੀ ਕੀਤੀ ਗਈ ਸੀ। ਇਸ ਮਾਮਲੇ ਨੂੰ ਲੈ ਕੇ ਭਾਈ ਰਣਜੀਤ ਸਿੰਘ ਦਮਦਮੀ ਟਕਸਾਲ, ਭਾਈ ਤਰਲੋਚਨ ਸਿੰਘ ਸੋਹਲ, ਭਾਈ ਸਰੂਪ ਸਿੰਘ ਅਤੇ ਭਾਈ ਨਿਸ਼ਾਨ ਸਿੰਘ ਸਿਆਲਕਾ ਸਮੇਤ ਕਈ ਸਿੱਖ ਆਗੂਆਂ ਨੇ ਤੇਜਾ ਸਿੰਘ ਸਮੁੰਦਰੀ ਹਾਲ ਦੇ ਸਾਹਮਣੇ ਲੰਬੇ ਸਮੇਂ ਤੱਕ ਮੋਰਚਾ ਲਗਾਇਆ ਸੀ। ਆਗੂਆਂ ਨੇ ਦੋਸ਼ ਲਗਾਇਆ ਕਿ 41ਵੇਂ ਦਿਨ ਸ਼੍ਰੋਮਣੀ ਕਮੇਟੀ ਦੀ ਟਾਸਕ ਫੋਰਸ ਵਲੋਂ ਮੋਰਚੇ ‘ਤੇ ਬੈਠੇ ਸਿੰਘਾਂ ‘ਤੇ ਤਸ਼ੱਦਦ ਕੀਤਾ ਗਿਆ, ਦਸਤਾਰਾਂ ਦੀ ਬੇਅਦਬੀ ਕੀਤੀ ਗਈ ਅਤੇ ਕਈ ਸਿੰਘ ਗੰਭੀਰ ਜ਼ਖ਼ਮੀ ਹੋਏ। ਉਲਟਾ ਉਨ੍ਹਾਂ ‘ਤੇ ਹੀ ਝੂਠੇ ਪਰਚੇ ਦਰਜ ਕਰ ਦਿੱਤੇ ਗਏ, ਜਿਨ੍ਹਾਂ ਵਿੱਚ ਐਫਆਈਆਰ ਨੰਬਰ 177 ਅਤੇ 296 ਸ਼ਾਮਲ ਹਨ। ਜਥੇਬੰਦੀਆਂ ਨੇ ਕਿਹਾ ਕਿ ਮਾਨਯੋਗ ਹਾਈਕੋਰਟ ਦੇ ਹੁਕਮਾਂ ਤੋਂ ਬਾਅਦ ਪੰਜ ਸਾਲਾਂ ਮਗਰੋਂ ਪਰਚਾ ਦਰਜ ਹੋਇਆ ਹੈ, ਪਰ ਅਜੇ ਤੱਕ ਕਿਸੇ ਵੀ ਦੋਸ਼ੀ ਦੀ ਗਿਰਫ਼ਤਾਰੀ ਨਹੀਂ ਕੀਤੀ ਗਈ। ਉਨ੍ਹਾਂ ਦੀ ਮੰਗ ਹੈ ਕਿ ਸਿੱਖ ਆਗੂਆਂ ‘ਤੇ ਦਰਜ ਝੂਠੇ ਪਰਚੇ ਤੁਰੰਤ ਰੱਦ ਕੀਤੇ ਜਾਣ ਅਤੇ 307, 326 ਤੇ 325 ਵਰਗੀਆਂ ਗੰਭੀਰ ਧਾਰਾਵਾਂ ਹੇਠ ਦਰਜ ਕੇਸਾਂ ਦੇ ਦੋਸ਼ੀਆਂ ਨੂੰ ਤੁਰੰਤ ਗਿਰਫ਼ਤਾਰ ਕੀਤਾ ਜਾਵੇ। ਆਗੂਆਂ ਨੇ ਚੇਤਾਵਨੀ ਦਿੱਤੀ ਕਿ ਜੇ ਪੁਲਿਸ ਵਲੋਂ ਢਿੱਲੀ ਕਾਰਗੁਜ਼ਾਰੀ ਜਾਰੀ ਰਹੀ ਤਾਂ ਸ਼ਹੀਦੀ ਦਿਹਾੜਿਆਂ ਦੀ ਸਮਾਪਤੀ ਤੋਂ ਬਾਅਦ ਵੱਡਾ ਇਕੱਠ ਕਰਕੇ ਸੰਘਰਸ਼ ਨੂੰ ਹੋਰ ਤੇਜ਼ ਕੀਤਾ ਜਾਵੇਗਾ। ਉਨ੍ਹਾਂ ਕਿਹਾ ਕਿ ਗੁਰੂ ਗ੍ਰੰਥ ਸਾਹਿਬ ਸਾਰਿਆਂ ਦੇ ਸਾਂਝੇ ਹਨ ਅਤੇ ਇਨਸਾਫ਼ ਮਿਲਣ ਤੱਕ ਸੰਘਰਸ਼ ਜਾਰੀ ਰਹੇਗਾ।
