–ਡੀਐਸਪੀ ਅਟਾਰੀ ਯਾਦਵਿੰਦਰ ਸਿੰਘ ਦਾ ਖੁਲਾਸਾ: ਪਾਕਿਸਤਾਨ ਤੋਂ ਡਰੋਨ ਰਾਹੀਂ ਆਉਣੀ ਸੀ ਹੈਰੋਇਨ
— ਨੌਜਵਾਨ ਪਾਕਿਸਤਾਨੀ ਤਸਕਰਾਂ ਨਾਲ ਸਨ ਸੰਪਰਕ ’ਚ, ਬੈਕਵਰਡ–ਫਾਰਵਰਡ ਲਿੰਕਾਂ ਦੀ ਜਾਂਚ ਜਾਰੀ
ਅੰਮ੍ਰਿਤਸਰ ਵਿੱਚ ਨਸ਼ਿਆਂ ਖ਼ਿਲਾਫ਼ ਚਲ ਰਹੀ ਮੁਹਿੰਮ ਦੌਰਾਨ ਪੁਲਿਸ ਨੂੰ ਵੱਡੀ ਕਾਮਯਾਬੀ ਮਿਲੀ ਹੈ। ਡੀਐਸਪੀ ਅਟਾਰੀ ਯਾਦਵਿੰਦਰ ਸਿੰਘ ਵੱਲੋਂ ਆਪਣੇ ਦਫ਼ਤਰ ਵਿੱਚ ਪ੍ਰੈਸ ਕਾਨਫਰੰਸ ਕਰਕੇ ਮੀਡੀਆ ਨੂੰ ਜਾਣਕਾਰੀ ਦਿੰਦਿਆਂ ਦੱਸਿਆ ਗਿਆ ਕਿ ਥਾਣਾ ਘਰਿੰਡਾ ਦੀ ਪੁਲਿਸ ਨੇ ਨਾਕਾਬੰਦੀ ਦੌਰਾਨ ਮੋਟਰਸਾਈਕਲ ’ਤੇ ਆ ਰਹੇ ਦੋ ਨੌਜਵਾਨਾਂ ਨੂੰ ਕਾਬੂ ਕੀਤਾ ਹੈ।
ਡੀਐਸਪੀ ਯਾਦਵਿੰਦਰ ਸਿੰਘ ਨੇ ਦੱਸਿਆ ਕਿ ਸ਼ੱਕ ਦੇ ਆਧਾਰ ’ਤੇ ਦੋਹਾਂ ਦੀ ਤਲਾਸ਼ੀ ਲਈ ਗਈ, ਜਿਸ ਦੌਰਾਨ ਉਨ੍ਹਾਂ ਦੇ ਕਬਜ਼ੇ ਵਿਚੋਂ ਤਿੰਨ ਪੈਕਟ ਹੈਰੋਇਨ ਬਰਾਮਦ ਹੋਏ। ਜਦੋਂ ਹੈਰੋਇਨ ਦਾ ਵਜ਼ਨ ਕੀਤਾ ਗਿਆ ਤਾਂ ਇਹ ਕੁੱਲ ਤਿੰਨ ਕਿਲੋ ਨਿਕਲੀ। ਮੁੱਢਲੀ ਜਾਂਚ ਵਿੱਚ ਸਾਹਮਣੇ ਆਇਆ ਹੈ ਕਿ ਬਰਾਮਦ ਕੀਤੀ ਗਈ ਹੈਰੋਇਨ ਪਾਕਿਸਤਾਨ ਬੇਸ ਹੈ।ਉਨ੍ਹਾਂ ਦੱਸਿਆ ਕਿ ਆਰੋਪੀ ਪਾਕਿਸਤਾਨ ਵਿੱਚ ਬੈਠੇ ਇਕ ਤਸਕਰ ਨਾਲ ਸੰਪਰਕ ਵਿੱਚ ਸਨ ਅਤੇ ਉਸਦੇ ਕਹਿਣ ’ਤੇ ਇਹ ਨਸ਼ੀਲਾ ਸਮਾਨ ਅੱਗੇ ਸਪਲਾਈ ਕਰਦੇ ਸਨ। ਪੁਲਿਸ ਜਾਂਚ ਵਿੱਚ ਇਹ ਵੀ ਸਾਹਮਣੇ ਆਇਆ ਹੈ ਕਿ ਹੈਰੋਇਨ ਨੂੰ ਡਰੋਨ ਦੇ ਜ਼ਰੀਏ ਭਾਰਤ ਵਿੱਚ ਭੇਜਣ ਦੀ ਯੋਜਨਾ ਸੀ। ਡੀਐਸਪੀ ਅਟਾਰੀ ਨੇ ਕਿਹਾ ਕਿ ਦੋਹਾਂ ਦੋਸ਼ੀਆਂ ਦੀ ਉਮਰ 18 ਤੋਂ 19 ਸਾਲ ਦਰਮਿਆਨ ਹੈ। ਇਸ ਮਾਮਲੇ ਵਿੱਚ ਥਾਣਾ ਘਰਿੰਡਾ ਵਿਖੇ ਐਫਆਈਆਰ ਨੰਬਰ 8 ਦਰਜ ਕਰ ਲਈ ਗਈ ਹੈ ਅਤੇ ਅਗਲੀ ਕਾਰਵਾਈ ਜਾਰੀ ਹੈ। ਪੁਲਿਸ ਵੱਲੋਂ ਦੋਸ਼ੀਆਂ ਦੇ ਬੈਕਵਰਡ ਅਤੇ ਫਾਰਵਰਡ ਲਿੰਕਾਂ ਦੀ ਗਹਿਰਾਈ ਨਾਲ ਜਾਂਚ ਕੀਤੀ ਜਾ ਰਹੀ ਹੈ। ਉਨ੍ਹਾਂ ਕਿਹਾ ਕਿ ਆਰੋਪੀਆ ਦੇ ਮੋਬਾਈਲ ਫੋਨ ਫੋਰੈਂਸਿਕ ਜਾਂਚ ਲਈ ਭੇਜੇ ਗਏ ਹਨ ਅਤੇ ਪਾਕਿਸਤਾਨ ਵਿੱਚ ਬੈਠੇ ਤਸਕਰਾਂ ਦੇ ਨੈੱਟਵਰਕ ਨੂੰ ਬੇਨਕਾਬ ਕਰਨ ਲਈ ਇਨਵੈਸਟੀਗੇਸ਼ਨ ਜਾਰੀ ਹੈ। ਜਾਂਚ ਦੌਰਾਨ ਜੋ ਵੀ ਨਵੇਂ ਤੱਥ ਸਾਹਮਣੇ ਆਉਣਗੇ, ਮੀਡੀਆ ਨਾਲ ਸਾਂਝੇ ਕੀਤੇ ਜਾਣਗੇ।
