—-ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਦੌਰੇ ਨੂੰ ਲੈਕੇ ਜ਼ਿਲ੍ਹਾ ਪ੍ਰਸ਼ਾਸਨ ਵੱਲੋਂ ਕੀਤੀਆਂ ਜਾ ਰਹੀਆਂ ਤਿਆਰੀਆਂ
—ਸਰਹੱਦੀ ਖੇਤਰ ਹਲਕਾ ਅਜਨਾਲਾ ਦੇ ਲੋਕਾਂ ਨੂੰ ਮਿਲੇਗੀ ਵੱਡੀ ਸਿੱਖਿਆਈ ਸੌਗਾਤ
ਵਿਧਾਇਕ ਕੁਲਦੀਪ ਸਿੰਘ ਧਾਲੀਵਾਲ ਤੇ ਡਿਪਟੀ ਕਮਿਸ਼ਨਰ ਸਮੇਤ ਜ਼ਿਲ੍ਹਾ ਪ੍ਰਸ਼ਾਸ਼ਨ ਨੇ ਮੌਕੇ ਦਾ ਲਿਆ ਜਾਇਜ਼ਾ
ਅੰਮ੍ਰਿਤਸਰ 11 ਜਨਵਰੀ–ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਆਉਣ ਵਾਲੇ ਦੌਰੇ ਨੂੰ ਲੈਕੇ ਜ਼ਿਲ੍ਹਾ ਪ੍ਰਸ਼ਾਸਨ ਵੱਲੋਂ ਤਿਆਰੀਆਂ ਕੀਤੀਆਂ ਜਾ ਰਹੀਆਂ ਹਨ, 19 ਜਨਵਰੀ ਨੂੰ ਮੁੱਖ ਮੰਤਰੀ ਹਲਕਾ ਅਜਨਾਲਾ ਦੇ ਪਿੰਡ ਬਿਕਰਾਓਰ ਵਿੱਚ ਨਵੇਂ ਸਰਕਾਰੀ ਕਾਲਜ ਦਾ ਨੀਂਹ ਪੱਥਰ ਰੱਖਣਗੇ, ਜਿਸ ਨਾਲ ਸਰਹੱਦੀ ਖੇਤਰ ਦੇ ਲੋਕਾਂ ਨੂੰ ਵੱਡੀ ਸਿੱਖਿਆਈ ਸੌਗਾਤ ਮਿਲੇਗੀ, ਅਤੇ ਨੌਜਵਾਨ ਲੜਕੇ ਲੜਕੀਆਂ ਨੂੰ ਕਾਫੀ ਫਾਇਦਾ ਹੋਵੇਗਾ।
ਮੁੱਖ ਮੰਤਰੀ ਦੇ ਦੌਰੇ ਤੋਂ ਪਹਿਲਾਂ ਵਿਧਾਇਕ ਕੁਲਦੀਪ ਸਿੰਘ ਧਾਲੀਵਾਲ ਅਤੇ ਡਿਪਟੀ ਕਮਿਸ਼ਨਰ ਅੰਮ੍ਰਿਤਸਰ ਦਲਵਿੰਦਰਜੀਤ ਸਿੰਘ ਵੱਲੋਂ ਜ਼ਿਲ੍ਹਾ ਪ੍ਰਸ਼ਾਸਨ ਦੇ ਅਧਿਕਾਰੀਆਂ ਨਾਲ ਮੌਕੇ ਦਾ ਜਾਇਜ਼ਾ ਲਿਆ ਗਿਆ। ਇਸ ਦੌਰਾਨ ਪ੍ਰਬੰਧਾਂ, ਸੁਰੱਖਿਆ ਅਤੇ ਟ੍ਰੈਫਿਕ ਵਿਵਸਥਾ ਨੂੰ ਲੈ ਕੇ ਵਿਸਥਾਰ ਨਾਲ ਚਰਚਾ ਕੀਤੀ ਗਈ।
ਡਿਪਟੀ ਕਮਿਸ਼ਨਰ ਦਲਵਿੰਦਰਜੀਤ ਸਿੰਘ ਨੇ ਕਿਹਾ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਦੌਰੇ ਨੂੰ ਲੈ ਕੇ ਸਾਰੀਆਂ ਤਿਆਰੀਆਂ ਕੀਤੀਆਂ ਜਾ ਰਹੀਆਂ ਹਨ ਅਤੇ ਪ੍ਰੋਗਰਾਮ ਦੌਰਾਨ ਬਿਹਤਰੀਨ ਪ੍ਰਬੰਧ ਯਕੀਨੀ ਬਣਾਏ ਜਾਣਗੇ।ਉੱਥੇ ਹੀ ਵਿਧਾਇਕ ਕੁਲਦੀਪ ਸਿੰਘ ਧਾਲੀਵਾਲ ਨੇ ਕਿਹਾ ਕਿ ਸਰਹੱਦੀ ਖੇਤਰ ਹਲਕਾ ਅਜਨਾਲਾ ਦੇ ਲੋਕਾਂ ਲਈ ਸਰਕਾਰੀ ਕਾਲਜ ਇੱਕ ਇਤਿਹਾਸਕ ਤੋਹਫ਼ਾ ਹੈ। ਉਨ੍ਹਾਂ ਦੱਸਿਆ ਕਿ ਚੋਣਾਂ ਸਮੇਂ ਦਿੱਲੀ ਦੇ ਤਤਕਾਲੀ ਡਿਪਟੀ ਸੀਐਮ ਮਨੀਸ਼ ਸਿਸੋਦੀਆ ਵੱਲੋਂ ਕੀਤਾ ਗਿਆ ਵਾਅਦਾ ਹੁਣ ਪੂਰਾ ਹੋ ਰਿਹਾ ਹੈ। ਉਨ੍ਹਾਂ ਕਿਹਾ ਕਿ ਇਸ ਕਾਲਜ ਨਾਲ ਸਰਹੱਦੀ ਖੇਤਰ ਦੇ ਲੜਕੇ-ਲੜਕੀਆਂ ਨੂੰ ਵੱਡਾ ਲਾਭ ਮਿਲੇਗਾ ਅਤੇ ਬਾਰਡਰ ਇਲਾਕਿਆਂ ਦੇ ਨੌਜਵਾਨ ਪੜ੍ਹ-ਲਿਖ ਕੇ ਚੰਗੇ ਅਫਸਰ ਬਣ ਕੇ ਦੇਸ਼ ਤੇ ਸੂਬੇ ਦਾ ਨਾਮ ਰੌਸ਼ਨ ਕਰਨਗੇ।
