ਬਟਾਲਾ: ਬਟਾਲਾ ਦੇ ਨਜ਼ਦੀਕੀ ਪਿੰਡ ਹਰਦੋ ਝੰਡੇ ਵਿੱਚ ਬੀਤੀ ਰਾਤ ਉਸ ਵੇਲੇ ਦਹਿਸ਼ਤ ਦਾ ਮਾਹੌਲ ਬਣ ਗਿਆ, ਜਦੋਂ ਕੁਝ ਅਣਪਛਾਤੇ ਹਮਲਾਵਰਾਂ ਨੇ ਲਖਬੀਰ ਸਿੰਘ ਦੇ ਘਰ ਦੇ ਮੁੱਖ ਗੇਟ ‘ਤੇ ਪੰਜ ਰਾਊਂਡ ਫਾਇਰਿੰਗ ਕਰ ਦਿੱਤੀ। ਗੋਲੀਆਂ ਘਰ ਦੇ ਗੇਟ ਵਿੱਚ ਲੱਗੀਆਂ, ਜਿਸ ਕਾਰਨ ਇਲਾਕੇ ਵਿੱਚ ਸਹਿਮ ਦਾ ਮਾਹੌਲ ਬਣ ਗਿਆ।

ਪੀੜਤ ਲਖਬੀਰ ਸਿੰਘ ਨੇ ਦੱਸਿਆ ਕਿ ਉਨ੍ਹਾਂ ਦਾ ਪੁੱਤਰ ਉੱਚ ਸਿੱਖਿਆ ਲਈ ਇੰਗਲੈਂਡ ਗਿਆ ਹੋਇਆ ਹੈ। ਉੱਥੇ ਉਸ ਨੂੰ ਅਣਪਛਾਤੇ ਵਿਅਕਤੀਆਂ ਵੱਲੋਂ ਕਰੀਬ ਇੱਕ ਕਰੋੜ ਰੁਪਏ ਦੀ ਫਿਰੌਤੀ ਦੀ ਮੰਗ ਕਰਦੇ ਹੋਏ ਧਮਕੀਆਂ ਦਿੱਤੀਆਂ ਜਾ ਰਹੀਆਂ ਸਨ। ਉਨ੍ਹਾਂ ਕਿਹਾ ਕਿ ਉਹ ਖੁਦ ਸ਼ੂਗਰ ਦੇ ਮਰੀਜ਼ ਹਨ, ਇਸ ਲਈ ਪੁੱਤਰ ਨੇ ਪਹਿਲਾਂ ਉਨ੍ਹਾਂ ਨੂੰ ਇਸ ਬਾਰੇ ਜ਼ਿਆਦਾ ਜਾਣਕਾਰੀ ਨਹੀਂ ਦਿੱਤੀ ਸੀ।

ਉਨ੍ਹਾਂ ਦੱਸਿਆ ਕਿ ਰਾਤ ਨੂੰ ਫਾਇਰਿੰਗ ਹੋਣ ਦੀ ਉਨ੍ਹਾਂ ਨੂੰ ਕੋਈ ਜਾਣਕਾਰੀ ਨਹੀਂ ਮਿਲੀ। ਸਵੇਰੇ ਇੰਗਲੈਂਡ ਤੋਂ ਪੁੱਤਰ ਦਾ ਫੋਨ ਆਇਆ ਅਤੇ ਉਸ ਨੇ ਘਰ ਦਾ ਗੇਟ ਚੈੱਕ ਕਰਨ ਲਈ ਕਿਹਾ। ਜਦੋਂ ਉਨ੍ਹਾਂ ਬਾਹਰ ਜਾ ਕੇ ਦੇਖਿਆ ਤਾਂ ਗੇਟ ‘ਤੇ ਗੋਲੀਆਂ ਦੇ ਨਿਸ਼ਾਨ ਮਿਲੇ। ਲਖਬੀਰ ਸਿੰਘ ਦੇ ਮੁਤਾਬਕ, ਫਾਇਰਿੰਗ ਕਰਨ ਵਾਲਿਆਂ ਨੇ ਘਟਨਾ ਦੀਆਂ ਤਸਵੀਰਾਂ ਖਿੱਚ ਕੇ ਉਨ੍ਹਾਂ ਦੇ ਪੁੱਤਰ ਨੂੰ ਵੀ ਭੇਜੀਆਂ ਹਨ।
ਸੂਚਨਾ ਮਿਲਦੇ ਹੀ ਥਾਣਾ ਸਦਰ ਦੇ ਐੱਸਐੱਚਓ ਬਿਕਰਮਜੀਤ ਸਿੰਘ ਪੁਲਿਸ ਪਾਰਟੀ ਸਮੇਤ ਮੌਕੇ ‘ਤੇ ਪਹੁੰਚੇ ਅਤੇ ਜਾਂਚ ਸ਼ੁਰੂ ਕਰ ਦਿੱਤੀ। ਐੱਸਐੱਚਓ ਨੇ ਕਿਹਾ ਕਿ ਪੁਲਿਸ ਹਰ ਪੱਖ ਤੋਂ ਮਾਮਲੇ ਦੀ ਜਾਂਚ ਕਰ ਰਹੀ ਹੈ ਅਤੇ ਘਟਨਾ ਵਿੱਚ ਸ਼ਾਮਲ ਦੋਸ਼ੀਆਂ ਨੂੰ ਜਲਦ ਗ੍ਰਿਫ਼ਤਾਰ ਕਰ ਲਿਆ ਜਾਵੇਗਾ।
