– ਇੱਕ ਦਿਨ ਪਹਿਲਾਂ ਨੌਜਵਾਨ ਨੂੰ ਗੋਲੀ ਮਾਰ ਕੇ ਲੁੱਟ ਦੀ ਵਾਰਦਾਤ ਨੂੰ ਦਿੱਤਾ ਸੀ ਅੰਜਾਮ, ਬੰਬੀਹਾ ਗੈਂਗ ਨਾਲ ਸਬੰਧ ਹੋਣ ਦਾ ਸ਼ੱਕ
ਬਠਿੰਡਾ: ਪੰਜਾਬ ਪੁਲਿਸ ਦੀ ਐਂਟੀ ਗੈਂਗਸਟਰ ਟਾਸਕ ਫੋਰਸ (ਏਜੀਟੀਐੱਫ) ਅਤੇ ਚਾਰ ਬਦਮਾਸ਼ਾਂ ਵਿਚਾਲੇ ਮੰਗਲਵਾਰ ਦੇਰ ਸ਼ਾਮ ਬਠਿੰਡਾ ਜ਼ਿਲ੍ਹੇ ਵਿੱਚ ਮੁਕਾਬਲਾ ਹੋ ਗਿਆ। ਪੁਲਿਸ ਅਨੁਸਾਰ ਬਦਮਾਸ਼ਾਂ ਨੇ ਪਹਿਲਾਂ ਪੁਲਿਸ ਟੀਮ ‘ਤੇ ਗੋਲੀਬਾਰੀ ਕੀਤੀ, ਜਿਸ ਦੇ ਜਵਾਬ ਵਿੱਚ ਕੀਤੀ ਗਈ ਕਾਰਵਾਈ ਦੌਰਾਨ ਇੱਕ ਬਦਮਾਸ਼ ਦੇ ਪੈਰ ਵਿੱਚ ਗੋਲੀ ਲੱਗ ਗਈ। ਜ਼ਖ਼ਮੀ ਸਮੇਤ ਚਾਰਾਂ ਮੁਲਜ਼ਮਾਂ ਨੂੰ ਗ੍ਰਿਫ਼ਤਾਰ ਕਰ ਲਿਆ ਗਿਆ। ਮੌਕੇ ਤੋਂ ਦੋ ਨਾਜਾਇਜ਼ ਹਥਿਆਰ ਅਤੇ ਦੋ ਮੋਟਰਸਾਈਕਲ ਵੀ ਬਰਾਮਦ ਕੀਤੇ ਗਏ ਹਨ।

ਜ਼ਖ਼ਮੀ ਮੁਲਜ਼ਮ ਦੀ ਪਛਾਣ ਪਿੰਡ ਰੋੜੀ ਦੇ ਰਹਿਣ ਵਾਲੇ ਗੁਰਵਿੰਦਰ ਸਿੰਘ ਵਜੋਂ ਹੋਈ ਹੈ। ਉਸ ਨੂੰ ਇਲਾਜ ਲਈ ਸ਼ਹੀਦ ਭਾਈ ਮਨੀ ਸਿੰਘ ਸਿਵਲ ਹਸਪਤਾਲ ਵਿੱਚ ਦਾਖ਼ਲ ਕਰਵਾਇਆ ਗਿਆ ਹੈ। ਉਸ ਦੇ ਹੋਰ ਸਾਥੀਆਂ ਦੀ ਪਛਾਣ ਪਿੰਡ ਦੁੱਲੇਵਾਲਾ ਦੇ ਜਸ਼ਨਦੀਪ ਸਿੰਘ, ਸੁਖਚੈਨ ਸਿੰਘ ਅਤੇ ਪਿੰਡ ਸਲਾਬਤਪੁਰਾ (ਜ਼ਿਲ੍ਹਾ ਬਠਿੰਡਾ) ਦੇ ਗੁਰਦੀਪ ਸਿੰਘ ਵਜੋਂ ਹੋਈ ਹੈ।
ਜਾਣਕਾਰੀ ਅਨੁਸਾਰ ਇਹ ਮੁਕਾਬਲਾ ਪਿੰਡ ਜੋਗਾਨੰਦ ਨੇੜੇ ਸਰਹਿੰਦ ਨਹਿਰ ਦੀ ਪਟੜੀ ‘ਤੇ ਹੋਇਆ। ਏਜੀਟੀਐੱਫ ਨੂੰ ਚਾਰਾਂ ਮੁਲਜ਼ਮਾਂ ਦੀ ਮੌਜੂਦਗੀ ਸਬੰਧੀ ਗੁਪਤ ਸੂਚਨਾ ਮਿਲੀ ਸੀ। ਇਸ ਤੋਂ ਬਾਅਦ ਟੀਮ ਨੇ ਇਲਾਕੇ ਦੀ ਘੇਰਾਬੰਦੀ ਕਰਕੇ ਕਾਰਵਾਈ ਸ਼ੁਰੂ ਕੀਤੀ। ਇਸ ਦੌਰਾਨ ਪੁਲਿਸ ਟੀਮ ਨੇ ਦੋ ਮੋਟਰਸਾਈਕਲਾਂ ‘ਤੇ ਸਵਾਰ ਚਾਰ ਨੌਜਵਾਨਾਂ ਨੂੰ ਦੇਖਿਆ। ਪੁਲਿਸ ਨੇ ਉਨ੍ਹਾਂ ਨੂੰ ਰੁਕਣ ਦਾ ਇਸ਼ਾਰਾ ਕੀਤਾ ਤਾਂ ਮੁਲਜ਼ਮਾਂ ਨੇ ਪੁਲਿਸ ‘ਤੇ ਫਾਇਰਿੰਗ ਸ਼ੁਰੂ ਕਰ ਦਿੱਤੀ।
ਦੱਸਿਆ ਜਾ ਰਿਹਾ ਹੈ ਕਿ ਬਦਮਾਸ਼ਾਂ ਵੱਲੋਂ ਚਲਾਈਆਂ ਗਈਆਂ ਦੋ ਗੋਲੀਆਂ ਪੁਲਿਸ ਦੇ ਵਾਹਨ ‘ਤੇ ਲੱਗੀਆਂ, ਪਰ ਪੁਲਿਸ ਮੁਲਾਜ਼ਮ ਵਾਲ-ਵਾਲ ਬਚ ਗਏ। ਇਸ ਤੋਂ ਬਾਅਦ ਏਜੀਟੀਐੱਫ ਨੇ ਜਵਾਬੀ ਫਾਇਰਿੰਗ ਕੀਤੀ, ਜਿਸ ਵਿੱਚ ਗੁਰਵਿੰਦਰ ਸਿੰਘ ਦੇ ਪੈਰ ਵਿੱਚ ਗੋਲੀ ਲੱਗ ਗਈ। ਜ਼ਖ਼ਮੀ ਹੋਣ ਤੋਂ ਬਾਅਦ ਪੁਲਿਸ ਨੇ ਉਸ ਨੂੰ ਕਾਬੂ ਕਰ ਲਿਆ, ਜਦਕਿ ਉਸ ਦੇ ਤਿੰਨੋਂ ਸਾਥੀਆਂ ਨੂੰ ਵੀ ਮੌਕੇ ‘ਤੇ ਹੀ ਗ੍ਰਿਫ਼ਤਾਰ ਕਰ ਲਿਆ ਗਿਆ।
ਪੁਲਿਸ ਨੇ ਮੁਲਜ਼ਮਾਂ ਦੇ ਕਬਜ਼ੇ ਵਿੱਚੋਂ ਇੱਕ 9 ਐੱਮਐੱਮ ਗਲੌਕ ਪਿਸਤੌਲ, ਇੱਕ .30 ਬੋਰ ਪਿਸਤੌਲ ਅਤੇ ਵਾਰਦਾਤ ਵਿੱਚ ਵਰਤੇ ਗਏ ਦੋ ਮੋਟਰਸਾਈਕਲ ਬਰਾਮਦ ਕੀਤੇ ਹਨ। ਮੁੱਢਲੀ ਜਾਂਚ ਵਿੱਚ ਸਾਹਮਣੇ ਆਇਆ ਹੈ ਕਿ ਚਾਰੋਂ ਮੁਲਜ਼ਮ ਕਈ ਅਪਰਾਧਿਕ ਮਾਮਲਿਆਂ ਵਿੱਚ ਲੋੜੀਂਦੇ ਹਨ। ਪੁਲਿਸ ਨੂੰ ਸ਼ੱਕ ਹੈ ਕਿ ਉਨ੍ਹਾਂ ਦੇ ਸਬੰਧ ਜੱਗਾ ਤਖ਼ਤ ਮੱਲ ਅਤੇ ਬੰਬੀਹਾ ਗੈਂਗ ਨਾਲ ਹਨ। ਹਾਲਾਂਕਿ, ਜਾਂਚ ਪੂਰੀ ਹੋਣ ਤੋਂ ਬਾਅਦ ਹੀ ਇਸ ਗੈਂਗ ਕਨੈਕਸ਼ਨ ਦੀ ਅਧਿਕਾਰਕ ਪੁਸ਼ਟੀ ਕੀਤੀ ਜਾਵੇਗੀ।
ਪੁਲਿਸ ਜਾਂਚ ਵਿੱਚ ਇਹ ਵੀ ਸਾਹਮਣੇ ਆਇਆ ਹੈ ਕਿ ਚਾਰਾਂ ਮੁਲਜ਼ਮਾਂ ਨੇ ਇੱਕ ਦਿਨ ਪਹਿਲਾਂ ਪਿੰਡ ਬੁਰਜ ਰਾਜਗੜ੍ਹ ਨੇੜੇ ਪਿੰਡ ਕਾਂਗੜ ਦੇ ਰਹਿਣ ਵਾਲੇ ਹੁਸਨਪ੍ਰੀਤ ਸਿੰਘ ‘ਤੇ ਗੋਲੀ ਚਲਾ ਕੇ ਉਸ ਨੂੰ ਗੰਭੀਰ ਰੂਪ ਵਿੱਚ ਜ਼ਖ਼ਮੀ ਕਰ ਦਿੱਤਾ ਸੀ। ਵਾਰਦਾਤ ਤੋਂ ਬਾਅਦ ਉਹ ਉਸ ਕੋਲੋਂ ਕਰੀਬ ਤਿੰਨ ਹਜ਼ਾਰ ਰੁਪਏ ਲੁੱਟ ਕੇ ਫ਼ਰਾਰ ਹੋ ਗਏ ਸਨ। ਇਸੇ ਮਾਮਲੇ ਵਿੱਚ ਏਜੀਟੀਐੱਫ ਲਗਾਤਾਰ ਉਨ੍ਹਾਂ ਦੀ ਭਾਲ ਕਰ ਰਹੀ ਸੀ।
ਮੁਕਾਬਲੇ ਤੋਂ ਬਾਅਦ ਸੀਨੀਅਰ ਪੁਲਿਸ ਅਧਿਕਾਰੀ ਮੌਕੇ ‘ਤੇ ਪਹੁੰਚੇ ਅਤੇ ਘਟਨਾ ਸਥਾਨ ਦਾ ਜਾਇਜ਼ਾ ਲਿਆ। ਪੁਲਿਸ ਨੇ ਮੌਕੇ ਤੋਂ ਸਬੂਤ ਇਕੱਠੇ ਕਰਕੇ ਮੁਲਜ਼ਮਾਂ ਖ਼ਿਲਾਫ਼ ਥਾਣਾ ਥਰਮਲ ਵਿੱਚ ਕਤਲ ਦੀ ਕੋਸ਼ਿਸ਼, ਪੁਲਿਸ ‘ਤੇ ਹਮਲਾ, ਆਰਮਜ਼ ਐਕਟ ਅਤੇ ਹੋਰ ਸਬੰਧਤ ਧਾਰਾਵਾਂ ਤਹਿਤ ਕੇਸ ਦਰਜ ਕਰ ਲਿਆ ਹੈ।
ਪੁਲਿਸ ਅਧਿਕਾਰੀਆਂ ਨੇ ਦੱਸਿਆ ਕਿ ਗ੍ਰਿਫ਼ਤਾਰ ਮੁਲਜ਼ਮਾਂ ਤੋਂ ਡੂੰਘਾਈ ਨਾਲ ਪੁੱਛਗਿੱਛ ਕੀਤੀ ਜਾ ਰਹੀ ਹੈ। ਪੁੱਛਗਿੱਛ ਦੌਰਾਨ ਗੈਂਗ ਦੇ ਹੋਰ ਮੈਂਬਰਾਂ, ਉਨ੍ਹਾਂ ਦੇ ਨੈੱਟਵਰਕ, ਹਥਿਆਰਾਂ ਦੀ ਸਪਲਾਈ ਅਤੇ ਹਾਲ ਹੀ ਵਿੱਚ ਹੋਈਆਂ ਹੋਰ ਅਪਰਾਧਿਕ ਵਾਰਦਾਤਾਂ ਸਬੰਧੀ ਅਹਿਮ ਖੁਲਾਸੇ ਹੋਣ ਦੀ ਸੰਭਾਵਨਾ ਹੈ।
