– ਪਿੰਡ ਵਿੱਚ ਜਸ਼ਨਾਂ ਦਾ ਮਾਹੌਲ
ਅੰਮ੍ਰਿਤਸਰ: ਕਾਮਨਵੈਲਥ ਗੇਮਜ਼-2026 ਵਿੱਚ ਪੁਰਸ਼ਾਂ ਦੀ +110 ਕਿਲੋਗ੍ਰਾਮ ਵੇਟਲਿਫਟਿੰਗ ਮੁਕਾਬਲੇ ਵਿੱਚ ਭਾਰਤ ਲਈ ਚਾਂਦੀ ਦਾ ਤਗਮਾ ਜਿੱਤਣ ਵਾਲੇ ਇੰਡੀਅਨ ਨੇਵੀ ਦੇ ਜਵਾਨ ਲਵਪ੍ਰੀਤ ਸਿੰਘ ਦੀ ਇਸ ਇਤਿਹਾਸਕ ਪ੍ਰਾਪਤੀ ਨਾਲ ਉਨ੍ਹਾਂ ਦੇ ਪਿੰਡ ਵਿੱਚ ਖੁਸ਼ੀ ਦੀ ਲਹਿਰ ਦੌੜ ਗਈ। ਜਿਵੇਂ ਹੀ ਲਵਪ੍ਰੀਤ ਦੇ ਸਿਲਵਰ ਮੈਡਲ ਜਿੱਤਣ ਦੀ ਖ਼ਬਰ ਪਹੁੰਚੀ ਤਾਂ ਪਰਿਵਾਰਕ ਮੈਂਬਰਾਂ, ਰਿਸ਼ਤੇਦਾਰਾਂ ਅਤੇ ਪਿੰਡ ਵਾਸੀਆਂ ਨੇ ਢੋਲ-ਨਗਾੜਿਆਂ ਨਾਲ ਜਸ਼ਨ ਮਨਾਇਆ, ਮਿਠਾਈਆਂ ਵੰਡੀਆਂ ਅਤੇ ਇੱਕ-ਦੂਜੇ ਨੂੰ ਵਧਾਈ ਦਿੱਤੀ।
ਲਵਪ੍ਰੀਤ ਸਿੰਘ ਦੀ ਇਸ ਕਾਮਯਾਬੀ ‘ਤੇ ਪਿੰਡ ਦੇ ਸਰਪੰਚ ਜੁਗਰਾਜ ਸਿੰਘ ਨੇ ਕਿਹਾ ਕਿ ਲਵਪ੍ਰੀਤ ਨੇ ਨਾ ਸਿਰਫ਼ ਆਪਣੇ ਪਰਿਵਾਰ ਅਤੇ ਪਿੰਡ ਦਾ, ਸਗੋਂ ਪੂਰੇ ਪੰਜਾਬ ਅਤੇ ਦੇਸ਼ ਦਾ ਮਾਣ ਵਧਾਇਆ ਹੈ। ਉਨ੍ਹਾਂ ਕਿਹਾ ਕਿ ਲਗਭਗ 10 ਤੋਂ 12 ਸਾਲਾਂ ਦੀ ਸਖ਼ਤ ਮਿਹਨਤ ਅਤੇ ਸਮਰਪਣ ਤੋਂ ਬਾਅਦ ਲਵਪ੍ਰੀਤ ਨੇ ਇਹ ਉਪਲਬਧੀ ਹਾਸਲ ਕੀਤੀ ਹੈ, ਜੋ ਹਰ ਨੌਜਵਾਨ ਲਈ ਪ੍ਰੇਰਣਾ ਦਾ ਸਰੋਤ ਹੈ।
ਉਨ੍ਹਾਂ ਦੱਸਿਆ ਕਿ ਪੰਚਾਇਤ ਵੱਲੋਂ ਨੌਜਵਾਨਾਂ ਨੂੰ ਖੇਡਾਂ ਨਾਲ ਜੋੜਨ ਲਈ ਪਿੰਡ ਵਿੱਚ ਜਿਮ ਦੀ ਸਹੂਲਤ ਅਤੇ ਵੱਖ-ਵੱਖ ਖੇਡਾਂ ਦਾ ਸਾਮਾਨ ਮੁਹੱਈਆ ਕਰਵਾਇਆ ਗਿਆ ਹੈ ਤਾਂ ਜੋ ਨੌਜਵਾਨ ਨਸ਼ਿਆਂ ਤੋਂ ਦੂਰ ਰਹਿ ਕੇ ਖੇਡਾਂ ਵਿੱਚ ਆਪਣਾ ਭਵਿੱਖ ਬਣਾ ਸਕਣ। ਉਨ੍ਹਾਂ ਕਿਹਾ ਕਿ ਲਵਪ੍ਰੀਤ ਹੁਣ ਪਿੰਡ ਦੇ ਨੌਜਵਾਨਾਂ ਲਈ ਇੱਕ ਰੋਲ ਮਾਡਲ ਬਣ ਚੁੱਕੇ ਹਨ ਅਤੇ ਉਨ੍ਹਾਂ ਦੀ ਵਾਪਸੀ ‘ਤੇ ਸ਼ਾਨਦਾਰ ਸਨਮਾਨ ਸਮਾਰੋਹ ਕਰਵਾਇਆ ਜਾਵੇਗਾ।
ਲਵਪ੍ਰੀਤ ਦੇ ਕੋਚ ਹੀਰਾ ਸਿੰਘ ਨੇ ਕਿਹਾ ਕਿ 2022 ਦੀਆਂ ਕਾਮਨਵੈਲਥ ਗੇਮਜ਼ ਵਿੱਚ ਕਾਂਸੀ ਦਾ ਤਗਮਾ ਜਿੱਤਣ ਤੋਂ ਬਾਅਦ ਇਸ ਵਾਰ ਚਾਂਦੀ ਦਾ ਤਗਮਾ ਹਾਸਲ ਕਰਨਾ ਉਨ੍ਹਾਂ ਦੀ ਲਗਾਤਾਰ ਮਿਹਨਤ ਦਾ ਨਤੀਜਾ ਹੈ। ਉਨ੍ਹਾਂ ਨੂੰ ਭਰੋਸਾ ਹੈ ਕਿ ਜੇਕਰ ਹੋਰ ਬਿਹਤਰ ਸਹੂਲਤਾਂ ਅਤੇ ਆਧੁਨਿਕ ਸਿਖਲਾਈ ਮਿਲੇ ਤਾਂ ਲਵਪ੍ਰੀਤ ਭਵਿੱਖ ਵਿੱਚ ਓਲੰਪਿਕ ਵਿੱਚ ਵੀ ਭਾਰਤ ਲਈ ਤਗਮਾ ਜਿੱਤ ਸਕਦੇ ਹਨ।
ਲਵਪ੍ਰੀਤ ਦੇ ਪਿਤਾ ਕਿਰਪਾਲ ਸਿੰਘ, ਜੋ ਪੇਸ਼ੇ ਤੋਂ ਦਰਜ਼ੀ ਹਨ, ਨੇ ਦੱਸਿਆ ਕਿ ਉਨ੍ਹਾਂ ਦੇ ਪੁੱਤਰ ਨੂੰ ਬਚਪਨ ਤੋਂ ਹੀ ਵੇਟਲਿਫਟਿੰਗ ਦਾ ਸ਼ੌਕ ਸੀ। ਪਿੰਡ ਦੇ ਅੰਤਰਰਾਸ਼ਟਰੀ ਖਿਡਾਰੀਆਂ ਤੋਂ ਪ੍ਰੇਰਿਤ ਹੋ ਕੇ ਉਸ ਨੇ ਇਸ ਖੇਡ ਨੂੰ ਆਪਣਾ ਕਰੀਅਰ ਬਣਾਇਆ ਅਤੇ ਸਖ਼ਤ ਮਿਹਨਤ ਨਾਲ ਅੱਜ ਦੇਸ਼ ਦਾ ਨਾਮ ਰੌਸ਼ਨ ਕੀਤਾ ਹੈ। ਉਨ੍ਹਾਂ ਕਿਹਾ ਕਿ ਮੁਕਾਬਲੇ ਲਈ ਜਾਣ ਤੋਂ ਪਹਿਲਾਂ ਲਵਪ੍ਰੀਤ ਨੇ ਤਗਮਾ ਜਿੱਤ ਕੇ ਵਾਪਸ ਆਉਣ ਦਾ ਵਾਅਦਾ ਕੀਤਾ ਸੀ, ਜੋ ਉਸ ਨੇ ਪੂਰਾ ਕਰ ਦਿੱਤਾ।
ਲਵਪ੍ਰੀਤ ਦੀ ਮਾਤਾ ਸੁਖਵਿੰਦਰ ਕੌਰ ਨੇ ਭਾਵੁਕ ਹੁੰਦਿਆਂ ਕਿਹਾ ਕਿ ਇਹ ਸਭ ਵਾਹਿਗੁਰੂ ਦੀ ਮੇਹਰ ਅਤੇ ਪੁੱਤਰ ਦੀ ਅਣਥੱਕ ਮਿਹਨਤ ਦਾ ਨਤੀਜਾ ਹੈ। ਉਨ੍ਹਾਂ ਦੱਸਿਆ ਕਿ ਡਿਊਟੀ ਤੋਂ ਛੁੱਟੀ ਮਿਲਣ ‘ਤੇ ਵੀ ਲਵਪ੍ਰੀਤ ਘਰ ਦੇ ਕੰਮਾਂ ਵਿੱਚ ਹੱਥ ਵਟਾਉਂਦੇ ਸਨ ਅਤੇ ਨਾਲ ਹੀ ਆਪਣੀ ਪ੍ਰੈਕਟਿਸ ਵੀ ਜਾਰੀ ਰੱਖਦੇ ਸਨ। ਉਨ੍ਹਾਂ ਕਿਹਾ ਕਿ ਅੱਜ ਪੂਰਾ ਪਰਿਵਾਰ ਆਪਣੇ ਪੁੱਤਰ ਦੀ ਇਸ ਕਾਮਯਾਬੀ ‘ਤੇ ਮਾਣ ਮਹਿਸੂਸ ਕਰ ਰਿਹਾ ਹੈ।
ਪਿੰਡ ਵਾਸੀਆਂ ਨੇ ਉਮੀਦ ਜਤਾਈ ਕਿ ਲਵਪ੍ਰੀਤ ਸਿੰਘ ਆਉਣ ਵਾਲੇ ਸਮੇਂ ਵਿੱਚ ਓਲੰਪਿਕ ਖੇਡਾਂ ਵਿੱਚ ਵੀ ਭਾਰਤ ਲਈ ਤਗਮਾ ਜਿੱਤ ਕੇ ਦੇਸ਼ ਦਾ ਮਾਣ ਹੋਰ ਵਧਾਉਣਗੇ।
