ਕਿਹਾ- ਦੁਨੀਆ ਭਰ ਦੀ ਸਿੱਖ ਸੰਗਤ ਦੀ ਆਸਥਾ ਨਾਲ ਜੁੜਿਆ ਹੈ ਇਹ ਮਾਮਲਾ
ਅੰਮ੍ਰਿਤਸਰ। ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਪਾਕਿਸਤਾਨ ਸਥਿਤ ਗੁਰਦੁਆਰਾ ਸ੍ਰੀ ਕਰਤਾਰਪੁਰ ਸਾਹਿਬ ਕਾਰੀਡੋਰ ਲੰਬੇ ਸਮੇਂ ਤੋਂ ਬੰਦ ਰਹਿਣ ‘ਤੇ ਗੰਭੀਰ ਚਿੰਤਾ ਪ੍ਰਗਟ ਕਰਦਿਆਂ ਕੇਂਦਰ ਸਰਕਾਰ ਨੂੰ ਸਿੱਖ ਸੰਗਤ ਦੀਆਂ ਧਾਰਮਿਕ ਭਾਵਨਾਵਾਂ ਦਾ ਸਤਿਕਾਰ ਕਰਨ ਦੀ ਅਪੀਲ ਕੀਤੀ ਹੈ। ਉਨ੍ਹਾਂ ਕਿਹਾ ਕਿ ਇਸ ਮਾਮਲੇ ਵਿੱਚ ਸਰਕਾਰ ਨੂੰ ਸਿੱਖ ਕੌਮ ਦੀ ਆਸਥਾ ਨੂੰ ਧਿਆਨ ਵਿੱਚ ਰੱਖ ਕੇ ਫ਼ੈਸਲਾ ਲੈਣਾ ਚਾਹੀਦਾ ਹੈ।
ਐਡਵੋਕੇਟ ਧਾਮੀ ਨੇ ਸੰਸਦ ਵਿੱਚ ਕੇਂਦਰੀ ਵਿਦੇਸ਼ ਰਾਜ ਮੰਤਰੀ ਵੱਲੋਂ ਦਿੱਤੇ ਉਸ ਬਿਆਨ ‘ਤੇ ਪ੍ਰਤੀਕਿਰਿਆ ਦਿੱਤੀ, ਜਿਸ ਵਿੱਚ ਫਿਲਹਾਲ ਕਰਤਾਰਪੁਰ ਸਾਹਿਬ ਕਾਰੀਡੋਰ ਨੂੰ ਦੁਬਾਰਾ ਨਾ ਖੋਲ੍ਹਣ ਦੀ ਗੱਲ ਕਹੀ ਗਈ ਹੈ। ਉਨ੍ਹਾਂ ਕਿਹਾ ਕਿ ਇਹ ਸਿਰਫ਼ ਪ੍ਰਸ਼ਾਸਨਿਕ ਮਾਮਲਾ ਨਹੀਂ, ਸਗੋਂ ਦੁਨੀਆ ਭਰ ਵਿੱਚ ਵੱਸਦੀ ਸਿੱਖ ਸੰਗਤ ਦੀਆਂ ਧਾਰਮਿਕ ਭਾਵਨਾਵਾਂ ਅਤੇ ਆਸਥਾ ਨਾਲ ਜੁੜਿਆ ਬਹੁਤ ਹੀ ਮਹੱਤਵਪੂਰਨ ਵਿਸ਼ਾ ਹੈ।
ਉਨ੍ਹਾਂ ਕਿਹਾ ਕਿ ਗੁਰਦੁਆਰਾ ਸ੍ਰੀ ਦਰਬਾਰ ਸਾਹਿਬ, ਸ੍ਰੀ ਕਰਤਾਰਪੁਰ ਸਾਹਿਬ ਉਹ ਪਾਵਨ ਅਸਥਾਨ ਹੈ, ਜਿੱਥੇ ਪਹਿਲੇ ਪਾਤਸ਼ਾਹ ਸ੍ਰੀ ਗੁਰੂ ਨਾਨਕ ਦੇਵ ਜੀ ਨੇ ਆਪਣੇ ਜੀਵਨ ਦੇ gਅੰਤਿਮ ਸਾਲ ਬਿਤਾਏ ਅਤੇ ਸਮੁੱਚੀ ਮਨੁੱਖਤਾ ਨੂੰ ‘ਕਿਰਤ ਕਰੋ, ਨਾਮ ਜਪੋ ਅਤੇ ਵੰਡ ਛਕੋ’ ਦਾ ਮਹਾਨ ਸੰਦੇਸ਼ ਦਿੱਤਾ। ਇਸ ਪਵਿੱਤਰ ਧਰਤੀ ਦੇ ਦਰਸ਼ਨ ਕਰਨਾ ਦੁਨੀਆ ਭਰ ਦੀ ਸਿੱਖ ਸੰਗਤ ਦੀ ਲੰਬੇ ਸਮੇਂ ਤੋਂ ਚੱਲੀ ਆ ਰਹੀ ਧਾਰਮਿਕ ਇੱਛਾ ਹੈ।
ਧਾਮੀ ਨੇ ਕਿਹਾ ਕਿ ਕਾਰੀਡੋਰ ਲੰਬੇ ਸਮੇਂ ਤੋਂ ਬੰਦ ਹੋਣ ਕਾਰਨ ਸ਼ਰਧਾਲੂਆਂ ਦੀਆਂ ਧਾਰਮਿਕ ਭਾਵਨਾਵਾਂ ਨੂੰ ਠੇਸ ਪਹੁੰਚ ਰਹੀ ਹੈ। ਉਨ੍ਹਾਂ ਕਿਹਾ ਕਿ ਸ੍ਰੀ ਗੁਰੂ ਨਾਨਕ ਦੇਵ ਜੀ ਨਾਲ ਸਬੰਧਤ ਇਹ ਕਾਰੀਡੋਰ ਭਾਰਤ ਅਤੇ ਪਾਕਿਸਤਾਨ ਵਿਚਾਲੇ ਸ਼ਾਂਤੀ, ਭਾਈਚਾਰੇ ਅਤੇ ਸਦਭਾਵਨਾ ਦਾ ਪ੍ਰਤੀਕ ਹੈ ਅਤੇ ਇਸ ਨੂੰ ਉਸੇ ਭਾਵਨਾ ਨਾਲ ਦੇਖਿਆ ਜਾਣਾ ਚਾਹੀਦਾ ਹੈ।
ਉਨ੍ਹਾਂ ਕਿਹਾ ਕਿ ਦੇਸ਼ ਦੀ ਸੁਰੱਖਿਆ ਹਰ ਸਰਕਾਰ ਦੀ ਪਹਿਲੀ ਜ਼ਿੰਮੇਵਾਰੀ ਹੈ, ਪਰ ਇਸ ਦੇ ਨਾਲ-ਨਾਲ ਧਾਰਮਿਕ ਆਜ਼ਾਦੀ ਅਤੇ ਸ਼ਰਧਾਲੂਆਂ ਦੀਆਂ ਭਾਵਨਾਵਾਂ ਦਾ ਸਤਿਕਾਰ ਕਰਨਾ ਵੀ ਉਤਨਾ ਹੀ ਜ਼ਰੂਰੀ ਹੈ। ਐਡਵੋਕੇਟ ਧਾਮੀ ਨੇ ਕੇਂਦਰ ਸਰਕਾਰ ਤੋਂ ਮੰਗ ਕੀਤੀ ਕਿ ਲੋੜੀਂਦੇ ਸੁਰੱਖਿਆ ਪ੍ਰਬੰਧਾਂ ਨੂੰ ਯਕੀਨੀ ਬਣਾਉਂਦਿਆਂ ਕਰਤਾਰਪੁਰ ਸਾਹਿਬ ਕਾਰੀਡੋਰ ਦੇ ਮਾਮਲੇ ਦੀ ਜਲਦ ਸਮੀਖਿਆ ਕੀਤੀ ਜਾਵੇ ਅਤੇ ਇਸ ਨੂੰ ਮੁੜ ਖੋਲ੍ਹਣ ਦਾ ਫ਼ੈਸਲਾ ਲਿਆ ਜਾਵੇ, ਤਾਂ ਜੋ ਸਿੱਖ ਸੰਗਤ ਆਪਣੇ ਪਵਿੱਤਰ ਅਸਥਾਨ ਦੇ ਦਰਸ਼ਨ ਕਰ ਸਕੇ।
