ਚਾਈਨਾ ਡੋਰ ਦੀ ਵਿਕਰੀ ਨੂੰ ਰੋਕਣ ਲਈ ਜਾਰੀ ਕੀਤੇ ਹੈਲਪ ਲਾਈਨ ਨੰਬਰ 01874-222710 ਨੇ ਕੰਮ ਕਰਨਾ ਸ਼ੁਰੂ ਕੀਤਾ
ਹੈਲਪ ਲਾਈਨ ਨੰਬਰ ਸ਼ੁਰੂ ਹੋਣ ਦੇ ਕੁਝ ਘੰਟੇ ਬਾਅਦ ਹੀ ਪਹਿਲੀ ਸੂਚਨਾ ’ਤੇ ਇੱਕ ਦੁਕਾਨਦਾਰ ਕੋਲੋਂ ਚਾਈਨਾ ਡੋਰ ਦੇ 6 ਗੱਟੂ ਬਰਾਮਦ
ਚਾਈਨਾ ਡੋਰ ਵੇਚਣ ਵਾਲਿਆਂ ਖਿਲਾਫ ਜਾਣਕਾਰੀ ਹੈਲਪ ਨੰਬਰ ’ਤੇ ਜਰੂਰ ਦੱਸੀ ਜਾਵੇ : ਡਿਪਟੀ ਕਮਿਸ਼ਨਰ
ਗੁਰਦਾਸਪੁਰ, – ਡਿਪਟੀ ਕਮਿਸ਼ਨਰ ਗੁਰਦਾਸਪੁਰ ਡਾ. ਹਿਮਾਂਸ਼ੂ ਅਗਰਵਾਲ ਵੱਲੋਂ ਜ਼ਿਲ੍ਹੇ ਵਿੱਚ ਚਾਈਨਾ ਡੋਰ ਦੀ ਵਿਕਰੀ ਤੇ ਵਰਤੋਂ ਨੂੰ ਰੋਕਣ ਲਈ ਅੱਜ ਜਾਰੀ ਕੀਤੇ ਹੈਲਪ ਲਾਈਨ ਨੰਬਰ 01874-222710 ਨੇ ਆਪਣਾ ਕੰਮ ਕਰਨਾ ਸ਼ੁਰੂ ਕਰ ਦਿੱਤਾ ਹੈ। ਅੱਜ ਜਦੋਂ ਡਿਪਟੀ ਕਮਿਸ਼ਨਰ ਵੱਲੋਂ ਚਾਈਨਾ ਡੋਰ ਦੀ ਸੂਚਨਾ ਦੇਣ ਸਬੰਧੀ ਹੈਲਪ ਲਾਈਨ ਨੰਬਰ ਜਾਰੀ ਕੀਤਾ ਗਿਆ ਤਾਂ ਕੁਝ ਹੀ ਸਮੇਂ ਬਾਅਦ ਇਸ ਹੈਲਪ ਲਾਈਨ ਉੱਪਰ ਇੱਕ ਵਿਅਕਤੀ ਵੱਲੋਂ ਗੁਰਦਾਸਪੁਰ ਸ਼ਹਿਰ ਦੇ ਝੂਲਨਾ ਮਹਿਲ ਇਲਾਕੇ ਵਿੱਚ ਇੱਕ ਦੁਕਾਨਦਾਰ ਵੱਲੋਂ ਚਾਈਨਾ ਡੋਰ ਵੇਚੇ ਜਾਣ ਸਬੰਧੀ ਜਾਣਕਾਰੀ ਜ਼ਿਲ੍ਹਾ ਪ੍ਰਸ਼ਾਸਨ ਨਾਲ ਸਾਂਝੀ ਕੀਤੀ ਗਈ। ਜਿਉਂ ਹੀ ਇਸ ਸਬੰਧੀ ਸੂਚਨਾ ਪ੍ਰਸ਼ਾਸਨ ਕੋਲ ਪਹੁੰਚੀ ਤਾਂ ਡਿਪਟੀ ਕਮਿਸ਼ਨਰ ਦੇ ਹੁਕਮਾਂ ਤਹਿਤ ਤੁਰੰਤ ਇੱਕ ਚੈਕਿੰਗ ਟੀਮ ਦੱਸੀ ਥਾਂ ’ਤੇ ਪਹੁੰਚ ਗਈ।
ਡਿਪਟੀ ਕਮਿਸ਼ਨਰ ਡਾ. ਹਿਮਾਂਸ਼ੂ ਅਗਰਵਾਲ ਨੇ ਦੱਸਿਆ ਕਿ ਚੈਕਿੰਗ ਟੀਮ ਵੱਲੋਂ ਜਦੋਂ ਉਸ ਦੁਕਾਨ ਦੀ ਚੈਕਿੰਗ ਕੀਤੀ ਗਈ ਤਾਂ ਉਸ ਦੁਕਾਨ ਵਿਚੋਂ 6 ਚਾਈਨਾ ਡੋਰ ਦੇ ਗੱਟੂ ਬਰਾਮਦ ਹੋਏ। ਉਨ੍ਹਾਂ ਕਿਹਾ ਕਿ ਚੈਕਿੰਗ ਟੀਮ ਨੇ ਚਾਈਨਾ ਡੋਰ ਦੇ ਗੱਟੂ ਆਪਣੇ ਕਬਜ਼ੇ ਵਿੱਚ ਕਰਕੇ ਉਕਤ ਦੁਕਾਨਦਾਰ ਖਿਲਾਫ ਕਾਨੂੰਨੀ ਕਾਰਵਾਈ ਲਈ ਲਿਖ ਦਿੱਤਾ ਹੈ।
ਡਿਪਟੀ ਕਮਿਸ਼ਨਰ ਨੇ ਜ਼ਿਲ੍ਹਾ ਵਾਸੀਆਂ ਨੂੰ ਅਪੀਲ ਕੀਤੀ ਹੈ ਕਿ ਉਹ ਚਾਈਨਾ ਡੋਰ ਦੀ ਵਿਕਰੀ ਤੇ ਵਰਤੋਂ ਨੂੰ ਰੋਕਣ ਲਈ ਜ਼ਿਲ੍ਹਾ ਪ੍ਰਸ਼ਾਸਨ ਦਾ ਸਾਥ ਦੇਣ ਅਤੇ ਚਾਈਨਾ ਡੋਰ ਵੇਚਣ ਵਾਲਿਆਂ ਦੀ ਸੂਚਨਾ ਹੈਲਪ ਲਾਈਨ ਨੰਬਰ 01874-222710 ’ਤੇ ਦਿੱਤੀ ਜਾਵੇ। ਉਨਾਂ ਕਿਹਾ ਕਿ ਸੂਚਨਾ ਦੇਣ ਵਾਲੇ ਵਿਅਕਤੀ ਦਾ ਨਾਮ ਤੇ ਪਤਾ ਪੂਰੀ ਤਰਾਂ ਗੁਪਤ ਰੱਖਿਆ ਜਾਵੇਗਾ। ਡਿਪਟੀ ਕਮਿਸ਼ਨਰ ਨੇ ਪਾਬੰਦੀਸ਼ੁਦਾ ਡੋਰ ਵੇਚਣ ਵਾਲੇ ਵਿਅਕਤੀਆਂ ਨੂੰ ਤਾੜਨਾ ਕਰਦਿਆਂ ਕਿਹਾ ਕਿ ਉਹ ਮਨੁੱਖੀ ਜਾਨਾਂ ਨਾਲ ਖੇਡਣ ਵਾਲੇ ਇਸ ਧੰਦੇ ਨੂੰ ਤੁਰੰਤ ਬੰਦ ਕਰ ਦੇਣ ਨਹੀਂ ਤਾਂ ਪ੍ਰਸ਼ਾਸਨ ਵੱਲੋਂ ਉਨਾਂ ਖਿਲਾਫ ਸਖਤ ਕਾਨੂੰਨੀ ਕਾਰਵਾਈ ਕੀਤੀ ਜਾਵੇਗੀ।