ਚਾਈਨਾ ਡੋਰ ਦੀ ਵਿਕਰੀ ਨੂੰ ਰੋਕਣ ਲਈ ਜ਼ਿਲ੍ਹਾ ਪ੍ਰਸ਼ਾਸਨ ਦੀ ਸਖਤੀ ਜਾਰੀ
ਗੁਰਦਾਸਪੁਰ ਪੁਲਿਸ ਨੇ ਪਰਚਾ ਦਰਜ ਕਰਕੇ ਦੁਕਾਨਦਾਰ ਨੂੰ ਗ੍ਰਿਫ਼ਤਾਰ ਕੀਤਾ
ਗੁਰਦਾਸਪੁਰ, 28 ਦਿਸੰਬਰ – ਡਿਪਟੀ ਕਮਿਸ਼ਨਰ ਗੁਰਦਾਸਪੁਰ ਡਾ. ਹਿਮਾਂਸ਼ੂ ਅਗਰਵਾਲ ਦੀ ਅਗਵਾਈ ਹੇਠ ਜ਼ਿਲ੍ਹਾ ਪ੍ਰਸ਼ਾਸਨ ਵੱਲੋਂ ਪਲਾਸਟਿਕ/ਚਾਈਨਾ ਡੋਰ ਦੀ ਵਿਕਰੀ ਤੇ ਵਰਤੋਂ ਨੂੰ ਰੋਕਣ ਲਈ ਚਲਾਈ ਜਾ ਰਹੀ ਮੁਹਿੰਮ ਨੂੰ ਉਸ ਸਮੇਂ ਸਫਲਤਾ ਮਿਲੀ ਜਦੋਂ ਗੁਰਦਾਸਪੁਰ ਦੇ ਗੀਤਾ ਭਵਨ ਰੋਡ ਸਥਿਤ ਪੰਪਾ ਕਾਇਟ ਹਾਊਸ ਤੋਂ ਥਾਣਾ ਸਿਟੀ ਗੁਰਦਾਸਪੁਰ ਦੀ ਪੁਲਿਸ ਨੇ 207 ਗੱਟੂ ਬਰਾਮਦ ਕੀਤੇ। ਇਸ ਸਬੰਧੀ ਥਾਣਾ ਸਿਟੀ ਗੁਰਦਾਸਪੁਰ ਦੀ ਪੁਲਿਸ ਵੱਲੋਂ ਮਾਮਲਾ ਦਰਜ ਕਰ ਲਿਆ ਗਿਆ ਹੈ। ਇਹ ਪੂਰੀ ਕਾਰਵਾਈ ਗੁਪਤ ਸੂਚਨਾ ਦੇ ਆਧਾਰ ਤੇ ਕੀਤੀ ਗਈ ਹੈ।
ਇਸ ਸਬੰਧੀ ਜਾਣਕਾਰੀ ਦਿੰਦਿਆਂ ਐੱਸ.ਪੀ. (ਡੀ) ਸ. ਪ੍ਰਿਥੀਪਾਲ ਸਿੰਘ ਨੇ ਦੱਸਿਆ ਕਿ ਪੁਲਿਸ ਨੂੰ ਗੁਪਤ ਸੂਚਨਾ ਮਿਲੀ ਸੀ ਕਿ ਉਕਤ ਦੁਕਾਨ ਤੇ ਚਾਇਨਾ ਡੋਰ (ਗੱਟੂ) ਮਿਲ ਸਕਦੇ ਹਨ ਜਿਸਦੇ ਤਹਿਤ ਪੁਲਿਸ ਵੱਲੋਂ ਇਹ ਕਾਰਵਾਈ ਕੀਤੀ ਗਈ ਹੈ। ਉਨ੍ਹਾਂ ਦੱਸਿਆ ਕਿ ਥਾਣਾ ਸਿਟੀ ਦੇ ਐੱਸ.ਐੱਚ.ਓ. ਗੁਰਮੀਤ ਸਿੰਘ ਦੀ ਅਗਵਾਈ ਹੇਠ ਪੁਲਿਸ ਪਾਰਟੀ ਨੇ ਦੱਸੀ ਗਈ ਦੁਕਾਨ ’ਤੇ ਛਾਪੇਮਾਰੀ ਕੀਤੀ ਜਿਸ ਦੌਰਾਨ ਪੁਲਿਸ ਨੂੰ ਮੌਕੇ ਤੋਂ 207 ਸਿੰਥੈਟਿਕ ਡੋਰ ਦੇ ਗੱਟੂ ਬਰਾਮਦ ਹੋਏ। ਪੁਲਿਸ ਨੇ ਚਾਈਨਾ ਡੋਰ ਦੇ ਗੱਟੂ ਬਰਾਮਦ ਕਰਕੇ ਦੁਕਾਨ ਦੇ ਮਾਲਕ ਸੁਖਦੀਪ ਸਿੰਘ ਪੁੱਤਰ ਮਹਿੰਦਰ ਸਿੰਘ ਨੂੰ ਗ੍ਰਿਫ਼ਤਾਰ ਕਰਕੇ ਮਾਮਲਾ ਦਰਜ ਕਰ ਲਿਆ ਹੈ।
ਐੱਸ.ਪੀ. (ਡੀ) ਸ. ਪ੍ਰਿਥੀਪਾਲ ਸਿੰਘ ਨੇ ਕਿਹਾ ਕਿ ਇਸ ਵਾਰ ਚਾਈਨਾ ਡੋਰ ਨਾਲ ਪਤੰਗਾਂ ਉਡਾਉਣ ਵਾਲਿਆਂ ਖਿਲਾਫ ਵੀ ਕਾਰਵਾਈ ਕੀਤੀ ਜਾਵੇਗੀ। ਉਨ੍ਹਾਂ ਕਿਹਾ ਕਿ ਪੁਲਿਸ ਦੀਆਂ ਟੀਮਾਂ ਵੱਲੋਂ ਪਤੰਗਾਂ ਉੱਡਾ ਰਹੇ ਵਿਅਕਤੀਆਂ ਦੀ ਮੌਕੇ ’ਤੇ ਜਾ ਕੇ ਡੋਰ ਚੈੱਕ ਕੀਤੀ ਜਾਵੇਗੀ ਅਤੇ ਜੇਕਰ ਉਹ ਡੋਰ ਪਲਾਸਟਿਕ/ਚਾਈਨਾ ਦੀ ਹੋਈ ਤਾਂ ਉਨ੍ਹਾਂ ਖਿਲਾਫ ਵੀ ਕਾਰਵਾਈ ਕੀਤੀ ਜਾਵੇਗੀ। ਉਨ੍ਹਾਂ ਸਮੂਹ ਜ਼ਿਲ੍ਹਾ ਵਾਸੀਆਂ ਨੂੰ ਅਪੀਲ ਕੀਤੀ ਹੈ ਕਿ ਉਹ ਪਤੰਗਾਂ ਉਡਾਉਣ ਲਈ ਸਿਰਫ ਸੂਤੀ ਧਾਗੇ ਦੀ ਡੋਰ ਦਾ ਹੀ ਇਸਤੇਮਾਲ ਕਰਨ। ਉਨ੍ਹਾਂ ਸ਼ਹਿਰ ਵਾਸੀਆਂ ਨੂੰ ਅਪੀਲ ਕੀਤੀ ਕਿ ਖੂਨੀ ਡੋਰ ਦੀ ਵਿਕਰੀ ਦੀ ਰੋਕਥਾਮ ਲਈ ਪੁਲਿਸ ਦਾ ਸਹਿਯੋਗ ਕਰਨ ਅਤੇ ਇਸ ਦੇ ਖਿਲਾਫ ਜਾਰੀ ਕੀਤੇ ਗਏ ਹੈਲਪਲਾਈਨ ਨੰਬਰ 01874-222710 ’ਤੇ ਚਾਈਨਾ ਡੋਰ ਵੇਚਣ ਵਾਲੇ ਦੀ ਸੂਚਨਾ ਦੇਣ। ਉਨ੍ਹਾਂ ਕਿਹਾ ਕਿ ਚਾਈਨਾ ਡੋਰ ਵੇਚਣ ਵਾਲੇ ਦੀ ਸੂਚਨਾ ਦੇਣ ਵਾਲੇ ਦਾ ਨਾਮ ਬਿਲਕੁਲ ਗੁਪਤ ਰੱਖਿਆ ਜਾਵੇਗਾ।