ਬਟਾਲਾ, 30 ਅਪ੍ਰੈਲ -ਜ਼ਿਲੇ ਦੀਆਂ ਦਾਣਾ ਮੰਡੀਆਂ ਵਿੱਚ ਕਿਸਾਨਾਂ ਵਲੋਂ ਵੇਚੀ ਗਈ ਕਣਕ ਦੀ ਫਸਲ ਦੀ ਅਦਾਇਗੀ 48 ਘੰਟਿਆਂ ਵਿੱਚ ਕਰਨ ਨੂੰ ਯਕੀਨੀ ਬਣਾਇਆ ਗਿਆ ਹੈ ਤੇ ਕਿਸਾਨਾਂ ਦੇ ਖਾਤਿਆਂ ਵਿੱਚ 821.61 ਕਰੋੜ ਰੁਪਏ ਦੀ ਅਦਾਇਗੀ ਕੀਤੀ ਜਾ ਚੁੱਕੀ ਹੈ ਜੋ 98 ਫੀਸਦ ਬਣਦੀ ਹੈ।
ਕਣਕ ਦੀ ਚੱਲ ਰਹੀ ਖਰੀਦ ਪ੍ਰਕਿਰਿਆ ਦੀ ਜਾਣਕਾਰੀ ਦਿੰਦਿਆਂ ਡਾ. ਸ਼ਾਇਰੀ ਭੰਡਾਰੀ ਐਸ.ਡੀ.ਐਮ ਬਟਾਲਾ ਨੇ ਦੱਸਿਆ ਕਿ ਡਾ. ਹਿਮਾਂਸ਼ੂ ਅਗਰਵਾਲ ਡਿਪਟੀ ਕਮਿਸ਼ਨਰ ਗੁਰਦਾਸਪੁਰ ਦੇ ਦਿਸ਼ਾ-ਨਿਰਦੇਸ਼ਾਂ ਤਹਿਤ ਜ਼ਿਲੇ ਦੀ ਸਭ ਤੋਂ ਵੱਡੀ ਦਾਣਾ ਮੰਡੀ ਬਟਾਲਾ ਵਿਖੇ ਵੀ ਫਸਲ ਦੀ ਖਰੀਦ ਤੇ ਚੁਕਾਈ ਨਿਰੰਤਰ ਜਾਰੀ ਹੈ ਅਤੇ ਕਿਸਾਨਾਂ ਨੂੰ ਮੰਡੀਆਂ ਵਿੱਚ ਕੋਈ ਦਿੱਕਤ ਨਾ ਆਵੇ ਇਸ ਸਬੰਧੀ ਸਬੰਧਿਤ ਅਧਿਕਾਰੀਆਂ ਨੂੰ ਦਿਸ਼ਾ-ਨਿਰਦੇਸ਼ ਦਿੱਤੇ ਗਏ ਹਨ। ਖਰੀਦ ਏਜੰਸੀਆਂ ਨੂੰ 48 ਘੰਟਿਆਂ ਦੇ ਅੰਦਰ ਕਿਸਾਨਾਂ ਨੂੰ ਅਦਾਇਗੀ ਕਰਨ ਦੀ ਹਦਾਇਤ ਕੀਤੀ ਗਈ ਉਨਾਂ ਦੱਸਿਆ ਕਿ ਦਾਣਾ ਮੰਡੀਆਂ ਵਿੱਚ ਕਿਸਾਨਾਂ ਦੀ ਸਹੂਲਤ ਦੇ ਸੁਚਾਰੂ ਢੰਗ ਨਾਲ ਪ੍ਰਬੰਧ ਕੀਤੇ ਹਨ ਅਤੇ ਉਨਾਂ ਵਲੋ ਰੋਜਾਨਾ ਖਰੀਦ ਪ੍ਰਕਿਰਿਆਂ ਦਾ ਜਾਇਜ਼ਾ ਲਿਆ ਜਾਂਦਾ ਹੈ।ਜ਼ਿਕਰਯੋਗ ਹੈ ਕਿ ਜ਼ਿਲੇ ਅੰਦਰ 95 ਮੰਡੀਆਂ ਵਿੱਚ ਕਣਕ ਦੀ ਫਸਲ ਦੀ ਖਰੀਦ ਕੀਤੀ ਜਾ ਰਹੀ ਹੈ ਅਤੇ ਖਰੀਦ ਏਜੰਜੀਆਂ ਪਨਗ੍ਰੇਨ, ਪਨਸਪ, ਮਾਰਕਫੈੱਡ. ਵੇਅਰਹਾਊਸ, ਐਫ.ਸੀ.ਆਈ ਤੇ ਵਪਾਰੀਆਂ ਵਲੋਂ ਫਸਲ ਦੀ ਖਰੀਦ ਕੀਤੀ ਜਾ ਰਹੀ ਹੈ ਅਤੇ ਖਰੀਦ ਕੀਤੀ ਫਸਲ ਦੀ ਚੁਕਾਈ ਨਿਰਵਿਘਨ ਜਾਰੀ ਹੈ। ਇਸ ਮੌਕੇ ਸਾਹਿਬ ਸਿੰਘ ਸੈਕਰਟਰੀ ਮਾਰਕਿਟ ਬਟਾਲਾ ਵੀ ਮੋਜੂਦ ਸਨ।