ਚੇਅਰਮੈਨ ਰਮਨ ਬਹਿਲ ਦੀਆਂ ਕੋਸ਼ਿਸ਼ਾਂ ਸਦਕਾ 10 ਸਾਲ ਤੋਂ ਬੱਬੇਹਾਲੀ ਨਹਿਰ ਦੇ ਪੁਲ ਦੀ ਉਸਾਰੀ ਦਾ ਕੰਮ ਮੁਕੰਮਲ ਹੋਇਆ
ਗੁਰਦਾਸਪੁਰ, 12 ਮਾਰਚ ( ਬਿਊਰੋ) – ਪੰਜਾਬ ਹੈਲਥ ਸਿਸਟਮਜ਼ ਕਾਰਪੋਰੇਸ਼ਨ ਦੇ ਚੇਅਰਮੈਨ ਰਮਨ ਬਹਿਲ ਦੀਆਂ ਕੋਸ਼ਿਸ਼ਾਂ ਸਦਕਾ ਪਿੰਡ ਬੱਬੇਹਾਲੀ ਸਮੇਤ ਸਮੁੱਚੇ ਇਲਾਕੇ ਦੇ ਲੋਕਾਂ ਨੂੰ ਨਹਿਰ ਉੱਪਰ ਪੁਲ ਦੀ ਵੱਡੀ ਸਹੂਲਤ ਮਿਲੀ ਹੈ। ਭਗਵੰਤ ਮਾਨ ਸਰਕਾਰ ਵੱਲੋਂ ਬੱਬੇਹਾਲੀ ਨਹਿਰ ਉੱਪਰ ਨਵੇਂ ਬਣਾਏ ਪੁਲ ਦਾ ਉਦਘਾਟਨ ਚੇਅਰਮੈਨ ਰਮਨ ਬਹਿਲ ਵੱਲੋਂ ਅੱਜ ਕਰ ਦਿੱਤਾ ਗਿਆ ਹੈ। ਪੁਲ ਦਾ ਉਦਘਾਟਨ ਹੋਣ ਤੋਂ ਬਾਅਦ ਪਿੰਡ ਬੱਬੇਹਾਲੀ ਸਮੇਤ ਪੂਰੇ ਇਲਾਕੇ ਦੇ ਲੋਕ ਖ਼ੁਸ਼ ਹਨ ਅਤੇ ਉਨ੍ਹਾਂ ਲਈ ਅੱਜ ਦਾ ਦਿਨ ਕਿਸੇ ਤਿਉਹਾਰ ਤੋਂ ਘੱਟ ਨਹੀਂ ਸੀ।
ਬੱਬੇਹਾਲੀ ਨਹਿਰ ਦੇ ਪੁਲ ਦਾ ਉਦਘਾਟਨ ਕਰਨ ਤੋਂ ਬਾਅਦ ਚੇਅਰਮੈਨ ਰਮਨ ਬਹਿਲ ਨੇ ਕਿਹਾ ਕਿ ਸਾਲ 2014 ਵਿੱਚ ਅਕਾਲੀ-ਭਾਜਪਾ ਦੀ ਗੱਠਜੋੜ ਸਰਕਾਰ ਵੱਲੋਂ ਬੱਬੇਹਾਲੀ ਪਿੰਡ ਵਿਖੇ ਅਪਰਬਾਰੀ ਦੁਆਬ ਨਹਿਰ ਉੱਪਰ 169.70 ਲੱਖ ਰੁਪਏ ਦੀ ਲਾਗਤ ਨਾਲ ਬਣਨ ਵਾਲੇ ਪੁਲ ਬਣਾਉਣ ਦਾ ਨੀਂਹ ਪੱਥਰ ਰੱਖਿਆ ਗਿਆ ਸੀ। ਉਨ੍ਹਾਂ ਕਿਹਾ ਕਿ ਅਕਾਲੀ ਸਰਕਾਰ ਸਿਰਫ਼ ਨੀਂਹ ਪੱਥਰ ਰੱਖਣ ਤੱਕ ਹੀ ਸੀਮਤ ਰਹੀ ਅਤੇ ਪੁਲ ਦੀ ਉਸਾਰੀ ਵੱਲ ਕੋਈ ਧਿਆਨ ਨਾ ਦਿੱਤਾ ਗਿਆ। ਉਨ੍ਹਾਂ ਕਿਹਾ ਕਿ ਇਸ ਤੋਂ ਬਾਅਦ ਜਦੋਂ ਸਾਲ 2017 ਵਿੱਚ ਕਾਂਗਰਸ ਪਾਰਟੀ ਦੀ ਸਰਕਾਰ ਸੱਤਾ ਵਿੱਚ ਆਈ ਤਾਂ ਗੁਰਦਾਸਪੁਰ ਦੇ ਕਾਂਗਰਸੀ ਵਿਧਾਇਕ ਵੱਲੋਂ ਵੀ ਇਸ ਪੁਲ ਵੱਲ ਕੋਈ ਧਿਆਨ ਨਾ ਦਿੱਤਾ ਗਿਆ। ਉਨ੍ਹਾਂ ਕਿਹਾ ਕਿ ਕਾਂਗਰਸ ਸਰਕਾਰ ਵੱਲੋਂ ਸਗੋਂ ਉਲਟਾ ਬੱਬੇਹਾਲੀ ਪੁਲ ਲਈ ਪਾਸ ਹੋਈ ਰਾਸ਼ੀ ਵੀ ਕਿਸੇ ਹੋਰ ਮਹਿਕਮੇ ਨੂੰ ਟਰਾਂਸਫ਼ਰ ਕਰ ਦਿੱਤੀ ਗਈ, ਜਿਸ ਕਾਰਨ ਕਾਂਗਰਸ ਰਾਜ ਦੇ ਪੰਜ ਸਾਲ ਵੀ ਇਸ ਪੁਲ ਦਾ ਕੰਮ ਪੂਰੀ ਤਰਾਂ ਠੱਪ ਰਿਹਾ।
ਚੇਅਰਮੈਨ ਰਮਨ ਬਹਿਲ ਨੇ ਕਿਹਾ ਕਿ ਪੁਲ ਦੀ ਉਸਾਰੀ ਨਾ ਹੋਣ ਕਾਰਨ ਪਿੰਡ ਬੱਬੇਹਾਲੀ ਅਤੇ ਇਲਾਕੇ ਦੇ ਲੋਕਾਂ ਨੂੰ ਲਗਾਤਾਰ ਮੁਸ਼ਕਲਾਂ ਦਾ ਸਾਹਮਣਾ ਕਰਨਾ ਪੈ ਰਿਹਾ ਸੀ। ਸ੍ਰੀ ਬਹਿਲ ਨੇ ਕਿਹਾ ਕਿ ਉਨ੍ਹਾਂ ਨੇ ਇਲਾਕਾ ਨਿਵਾਸੀਆਂ ਨਾਲ ਇਹ ਵਾਅਦਾ ਕੀਤਾ ਸੀ ਕਿ ਜੇਕਰ ਆਮ ਆਦਮੀ ਪਾਰਟੀ ਦੀ ਸਰਕਾਰ ਬਣ ਗਈ ਤਾਂ ਉਹ ਇਸ ਪੁਲ ਦੀ ਉਸਾਰੀ ਮੁਕੰਮਲ ਕਰਵਾਉਣਗੇ। ਬਹਿਲ ਨੇ ਕਿਹਾ ਕਿ ਉਨ੍ਹਾਂ ਨੇ ਨਿੱਜੀ ਤੌਰ ‘ਤੇ ਮੁੱਖ ਮੰਤਰੀ ਸ੍ਰੀ ਭਗਵੰਤ ਸਿੰਘ ਮਾਨ, ਲੋਕ ਨਿਰਮਾਣ ਮੰਤਰੀ ਸ. ਹਰਭਜਨ ਸਿੰਘ ਅਤੇ ਉੱਚ ਅਧਿਕਾਰੀਆਂ ਨਾਲ ਮੁਲਾਕਾਤਾਂ ਕਰਕੇ ਇਸ ਪੁਲ ਲਈ ਦੁਬਾਰਾ ਰਾਸ਼ੀ ਮਨਜ਼ੂਰ ਕਰਵਾ ਕੇ ਪਿਛਲੇ ਸਾਲ ਕੰਮ ਸ਼ੁਰੂ ਕਰਵਾਇਆ ਸੀ। ਉਨ੍ਹਾਂ ਕਿਹਾ ਕਿ ਅੱਜ ਉਨ੍ਹਾਂ ਨੂੰ ਬੜੀ ਖ਼ੁਸ਼ੀ ਮਹਿਸੂਸ ਹੋ ਰਹੀ ਹੈ ਕਿ ਇਸ ਪੁਲ ਦਾ ਉਦਘਾਟਨ ਹੋ ਗਿਆ ਹੈ। ਉਨ੍ਹਾਂ ਕਿਹਾ ਕਿ ਹੁਣ ਲੋਕਾਂ ਨੂੰ ਕਈ ਕਿੱਲੋਮੀਟਰ ਵਲ ਪਾ ਕੇ ਨਹੀਂ ਜਾਣਾ ਪਵੇਗਾ ਅਤੇ ਇਸ ਨਾਲ ਲੋਕਾਂ ਨੂੰ ਵੱਡੀ ਸਹੂਲਤ ਮਿਲੇਗੀ।
ਬਹਿਲ ਨੇ ਕਿਹਾ ਕਿ ਲੋਕ ਹਿਤ ਦਾ ਜਿਹੜਾ ਕੰਮ ਅਕਾਲੀ-ਭਾਜਪਾ ਅਤੇ ਕਾਂਗਰਸ ਦੀਆਂ ਸਰਕਾਰ ਪਿਛਲੇ 10 ਸਾਲਾਂ ‘ਚ ਨਹੀਂ ਕਰ ਸਕੀਆਂ ਉਹ ਕੰਮ ਆਮ ਆਦਮੀ ਪਾਰਟੀ ਦੀ ਸਰਕਾਰ ਨੇ ਮਹਿਜ਼ ਦੋ ਸਾਲਾਂ ਵਿੱਚ ਹੀ ਕਰ ਕੇ ਦਿਖਾ ਦਿੱਤਾ ਹੈ। ਉਨ੍ਹਾਂ ਕਿਹਾ ਕਿ ਆਮ ਆਦਮੀ ਪਾਰਟੀ ਦੀ ਸਰਕਾਰ ਆਮ ਲੋਕਾਂ ਦੀ ਸਰਕਾਰ ਹੈ ਅਤੇ ਇਸ ਸਰਕਾਰ ਨੂੰ ਆਮ ਲੋਕਾਂ ਦੇ ਦੁੱਖ ਤਕਲੀਫ਼ਾਂ ਦਾ ਪੂਰਾ ਅਹਿਸਾਸ ਹੈ। ਇਸ ਮੌਕੇ ਇਕੱਤਰ ਹੋਏ ਪਿੰਡ ਬੱਬੇਹਾਲੀ ਦੇ ਵਸਨੀਕਾਂ ਨੇ ਚੇਅਰਮੈਨ ਰਮਨ ਬਹਿਲ ਅਤੇ ਪੰਜਾਬ ਸਰਕਾਰ ਦਾ ਧੰਨਵਾਦ ਕੀਤਾ ਹੈ।