ਚੋਣ ਜ਼ਾਬਤੇ ਦੀ ਉਲੰਘਣਾ ਸਬੰਧੀ ਆਈ ਹਰ ਸ਼ਿਕਾਇਤ ਉੱਪਰ ਤੁਰੰਤ ਕਾਰਵਾਈ ਕੀਤੀ ਜਾਵੇ – ਡਿਪਟੀ ਕਮਿਸ਼ਨਰ

ਡਿਪਟੀ ਕਮਿਸ਼ਨਰ ਵੱਲੋਂ ਏ.ਆਰ.ਓਜ਼ ਨੂੰ ਪੋਲਿੰਗ ਬੂਥਾਂ ਦਾ ਮੁਆਇਨਾ ਕਰਨ ਦੇ ਨਿਰਦੇਸ਼

ਗੁਰਦਾਸਪੁਰ, 22 ਮਾਰਚ – ਡਿਪਟੀ ਕਮਿਸ਼ਨਰ-ਕਮ-ਜ਼ਿਲ੍ਹਾ ਚੋਣ ਅਧਿਕਾਰੀ ਸ੍ਰੀ ਵਿਸ਼ੇਸ਼ ਸਾਰੰਗਲ ਨੇ ਚੋਣ ਅਮਲ ਵਿੱਚ ਤਾਇਨਾਤ ਸਮੂਹ ਅਧਿਕਾਰੀਆਂ ਤੇ ਕਰਮਚਾਰੀਆਂ ਨੂੰ ਹਦਾਇਤ ਕੀਤੀ ਹੈ ਕਿ ਲੋਕ ਸਭਾ ਚੋਣਾਂ-2024 ਦੇ ਮੱਦੇਨਜ਼ਰ ਜ਼ਿਲ੍ਹੇ ਵਿੱਚ ਆਦਰਸ਼ ਚੋਣ ਜ਼ਾਬਤੇ ਦੀ ਪਾਲਣਾ ਨੂੰ ਯਕੀਨੀ ਬਣਾਇਆ ਜਾਵੇ। ਉਨ੍ਹਾਂ ਕਿਹਾ ਕਿ ਲੋਕ ਸਭਾ ਚੋਣਾਂ ਪੂਰੀ ਤਰ੍ਹਾਂ ਆਜ਼ਾਦਾਨਾ, ਨਿਰਪੱਖ ਅਤੇ ਸ਼ਾਂਤਮਈ ਮਾਹੌਲ ਵਿੱਚ ਕਰਵਾਈਆਂ ਜਾਣਗੀਆਂ।

ਅੱਜ ਆਪਣੇ ਦਫ਼ਤਰ ਵਿੱਚ ਅਧਿਕਾਰੀਆਂ ਨਾਲ ਚੋਣਾਂ ਸਬੰਧੀ ਮੀਟਿੰਗ ਦੀ ਪ੍ਰਧਾਨਗੀ ਕਰਦਿਆਂ ਡਿਪਟੀ ਕਮਿਸ਼ਨਰ ਸ੍ਰੀ ਵਿਸ਼ੇਸ਼ ਸਾਰੰਗਲ ਨੇ ਕਿਹਾ ਕਿ ਚੋਣਾਂ ਦੇ ਪ੍ਰੋਸੈੱਸ ਦੀ ਨਿਗਰਾਨੀ ਲਈ ਹਰ ਵਿਧਾਨ ਸਭਾ ਹਲਕਾ ਪੱਧਰ ‘ਤੇ ਤਾਇਨਾਤ ਕੀਤੀਆਂ ਫਲਾਈਂਗ ਸੁਕੈਡ, ਫਲਾਈਂਗ ਸੁਕੈਡ ਸੀ-ਵਿਜ਼ਲ, ਸਟੈਟਿਕ ਸਰਵੀਲੈਂਸ ਟੀਮਾਂ, ਵੀਡੀਓ ਸਰਵੀਲੈਂਸ ਟੀਮਾਂ, ਅਕਾਊਂਟਿੰਗ ਟੀਮਾਂ, ਵੀਡੀਓ ਵਿਊਵਿੰਗ ਟੀਮਾਂ, ਲੀਕਰ ਮੋਨੀਟਰਿੰਗ ਟੀਮਾਂ, ਡਰੱਗ ਕੰਟਰੋਲ ਟੀਮਾਂ ਨੂੰ ਪੂਰੀ ਤਰ੍ਹਾਂ ਐਕਟਿਵ ਕੀਤਾ ਜਾਵੇ। ਇਸਦੇ ਨਾਲ ਹੀ ਚੋਣ ਜ਼ਾਬਤੇ ਦੇ ਉਲੰਘਣਾ ਸਬੰਧੀ ਜੇਕਰ ਕੋਈ ਸ਼ਿਕਾਇਤ ਪ੍ਰਾਪਤ ਹੁੰਦੀ ਹੈ ਤਾਂ ਉਸ ਉੱਪਰ ਤੁਰੰਤ ਕਾਰਵਾਈ ਕੀਤੀ ਜਾਵੇ।

ਡਿਪਟੀ ਕਮਿਸ਼ਨਰ ਸ੍ਰੀ ਵਿਸ਼ੇਸ਼ ਸਾਰੰਗਲ ਨੇ ਜ਼ਿਲ੍ਹੇ ਦੇ ਸਮੂਹ ਏ.ਆਰ.ਓ ਨੂੰ ਕਿਹਾ ਕਿ ਉਹ ਅਗਲੇ 10 ਦਿਨਾਂ ਦੇ ਅੰਦਰ ਆਪਣੇ ਵਿਧਾਨ ਸਭਾ ਹਲਕੇ ਦੇ ਹਰ ਪੋਲਿੰਗ ਬੂਥ ਦਾ ਨਿੱਜੀ ਪੱਧਰ ‘ਤੇ ਜਾ ਕੇ ਮੁਆਇਨਾ ਕਰ ਲੈਣ ਅਤੇ ਜੇਕਰ ਓਥੇ ਕੋਈ ਕਮੀ-ਪੇਸ਼ੀ ਹੈ ਤਾਂ ਉਸ ਨੂੰ ਤੁਰੰਤ ਠੀਕ ਕਰ ਲਿਆ ਜਾਵੇ। ਉਨ੍ਹਾਂ ਕਿਹਾ ਕਿ 1 ਜੂਨ ਨੂੰ ਕਾਫ਼ੀ ਗਰਮੀ ਪੈਣ ਦੇ ਅਸਾਰ ਹਨ ਅਤੇ ਗਰਮੀ ਦੇ ਮੌਸਮ ਨੂੰ ਮੁੱਖ ਰੱਖਦੇ ਹੋਏ ਹਰ ਪੋਲਿੰਗ ਬੂਥ ਉੱਪਰ ਪੀਣ ਵਾਲੇ ਠੰਢੇ ਪਾਣੀ, ਛਾਂ, ਬਿਜਲੀ ਆਦਿ ਸਮੇਤ ਹੋਰ ਲੋੜੀਂਦੇ ਪ੍ਰਬੰਧਾਂ ਨੂੰ ਯਕੀਨੀ ਬਣਾਇਆ ਜਾਵੇ।

ਉਨ੍ਹਾਂ ਕਿਹਾ ਕਿ ਚੋਣਾਂ ਨੂੰ ਆਜ਼ਾਦ, ਨਿਰਪੱਖ ਤੇ ਪਾਰਦਰਸ਼ੀ ਢੰਗ ਨਾਲ ਕਰਵਾਉਣ ਅਤੇ ਚੋਣਾਂ ਦੌਰਾਨ ਕਿਸੇ ਵੀ ਕਿਸਮ ਦੀ ਚੋਣ ਜ਼ਾਬਤੇ ਦੀ ਉਲੰਘਣਾ ਨੂੰ ਰੋਕਣ ਲਈ ਚੋਣ ਕਮਿਸ਼ਨ ਦੀਆਂ ਹਦਾਇਤਾਂ ਅਨੁਸਾਰ ਸਾਰੇ ਪੋਲਿੰਗ ਸਟੇਸ਼ਨਾਂ ‘ਤੇ ਵੈੱਬ ਕਾਸਟਿੰਗ ਕਰਵਾਈ ਜਾਵੇਗੀ। ਇਸ ਤੋਂ ਇਲਾਵਾ ਪੋਲਿੰਗ ਲੋਕੇਸ਼ਨਾਂ ਤੇ ਮਾਈਕਰੋ ਅਬਜ਼ਰਵਰਾਂ ਦੀ ਨਿਯੁਕਤੀ ਵੱਖਰੇ ਤੌਰ ਤੇ ਕੀਤੀ ਜਾਵੇਗੀ।

ਡਿਪਟੀ ਕਮਿਸ਼ਨਰ ਸ੍ਰੀ ਵਿਸ਼ੇਸ਼ ਸਾਰੰਗਲ ਨੇ ਕਿਹਾ ਕਿ ਇਸ ਵਾਰ ਚੋਣ ਕਮਿਸ਼ਨ ਵੱਲੋਂ ‘ਇਸ ਵਾਰ 70 ਪਾਰ’ ਦਾ ਟੀਚਾ ਦਿੱਤਾ ਗਿਆ ਹੈ ਜਿਸ ਨੂੰ ਪੂਰਾ ਕਰਨ ਲਈ ਵਿਸ਼ੇਸ਼ ਯਤਨ ਕੀਤੇ ਜਾਣਗੇ। ਉਨ੍ਹਾਂ ਕਿਹਾ ਕਿ ਪਿਛਲੀਆਂ ਚੋਣਾਂ ਦੌਰਾਨ ਜਿਨ੍ਹਾਂ ਪੋਲਿੰਗ ਬੂਥਾਂ ਉੱਪਰ ਘੱਟ ਪੋਲਿੰਗ ਹੋਈ ਸੀ ਉਨ੍ਹਾਂ ਬੂਥਾਂ ਉੱਪਰ ਵਿਸ਼ੇਸ਼ ਵੋਟਰ ਜਾਗਰੂਕਤਾ ਅਭਿਆਨ ਚਲਾਇਆ ਜਾਵੇਗਾ।

ਮੀਟਿੰਗ ਦੌਰਾਨ ਐੱਸ.ਐੱਸ.ਪੀ. ਗੁਰਦਾਸਪੁਰ ਸ੍ਰੀ ਹਰੀਸ਼ ਦਾਯਮਾ, ਵਧੀਕ ਜ਼ਿਲ੍ਹਾ ਚੋਣ ਅਧਿਕਾਰੀ-ਕਮ-ਵਧੀਕ ਡਿਪਟੀ ਕਮਿਸ਼ਨਰ (ਜ) ਸ੍ਰੀ ਸੁਭਾਸ਼ ਚੰਦਰ, ਐੱਸ.ਡੀ.ਐੱਮ. ਗੁਰਦਾਸਪੁਰ ਸ. ਕਰਮਜੀਤ ਸਿੰਘ, ਐੱਸ.ਡੀ.ਐੱਮ. ਬਟਾਲਾ ਸ੍ਰੀਮਤੀ ਸ਼ਾਇਰੀ ਮਲਹੋਤਰਾ, ਐੱਸ.ਡੀ.ਐੱਮ. ਦੀਨਾਨਗਰ ਸ੍ਰੀ ਗੁਰਦੇਵ ਸਿੰਘ ਧਾਮ, ਸਹਾਇਕ ਕਮਿਸ਼ਨਰ (ਜ) ਸ੍ਰੀ ਅਸ਼ਵਨੀ ਅਰੋੜਾ, ਐੱਸ.ਡੀ.ਐੱਮ. ਕਲਾਨੌਰ ਮੈਡਮ ਜਿਯੋਤਸਨਾ ਸਿੰਘ, ਐੱਸ.ਡੀ.ਐੱਮ. ਡੇਰਾ ਬਾਬਾ ਨਾਨਕ ਸ. ਹਰਦੀਪ ਸਿੰਘ, ਐੱਸ.ਡੀ.ਐੱਮ. ਫ਼ਤਿਹਗੜ੍ਹ ਚੂੜੀਆਂ ਸ. ਸੁਖਰਾਜ ਸਿੰਘ ਢਿੱਲੋਂ, ਐੱਸ.ਪੀ. ਸ੍ਰੀਮਤੀ ਜਸਵੰਤ ਕੌਰ, ਤਹਿਸੀਲਦਾਰ ਚੋਣਾਂ ਸ. ਮਨਜਿੰਦਰ ਸਿੰਘ ਬਾਜਵਾ ਤੇ ਹੋਰ ਅਧਿਕਾਰੀ ਵੀ ਹਾਜ਼ਰ ਸਨ।

Related posts