ਪੁਲਿਸ ਅਤੇ ਐਕਸਾਈਜ਼ ਵਿਭਾਗ ਦੀ ਸਾਂਝੀ ਕਾਰਵਾਈ ਦੌਰਾਨ ਨਜਾਇਜ਼ ਸ਼ਰਾਬ ਤੇ ਲਾਹਣ ਬਰਾਮਦ

ਭੈਣੀ ਮੀਆਂ ਖਾਂ ਥਾਣੇ ਵਿੱਚ 3 ਵੱਖ-ਵੱਖ ਮਾਮਲੇ ਦਰਜ

ਚੋਣਾਂ ਦੌਰਾਨ ਨਸ਼ਿਆਂ ਦੀ ਰੋਕਥਾਮ ਲਈ ਪੁਲਿਸ ਵਿਭਾਗ ਵੱਲੋਂ ਵਰਤੀ ਜਾ ਰਹੀ ਹੈ ਵਿਸ਼ੇਸ਼ ਚੌਕਸੀ ਐੱਸ.ਐੱਸ.ਪੀ. ਗੁਰਦਾਸਪੁਰ

ਗੁਰਦਾਸਪੁਰ, 24 ਮਾਰਚ —ਮਾਣਯੋਗ ਚੋਣ ਕਮਿਸ਼ਨ ਦੀਆਂ ਹਦਾਇਤਾਂ ਤਹਿਤ ਲੋਕ ਸਭਾ ਚੋਣਾਂ ਦੌਰਾਨ ਨਸ਼ੇ ਦੀ ਵਰਤੋਂ ਨੂੰ ਰੋਕਣ ਲਈ ਪੰਜਾਬ ਪੁਲਿਸ ਅਤੇ ਐਕਸਾਈਜ਼ ਵਿਭਾਗ ਵੱਲੋਂ ਵਿਸ਼ੇਸ਼ ਅਭਿਆਨ ਚਲਾਇਆ ਜਾ ਰਿਹਾ ਹੈ। ਐੱਸ.ਐੱਸ.ਪੀ. ਗੁਰਦਾਸਪੁਰ ਸ੍ਰੀ ਹਰੀਸ਼ ਦਾਯਮਾ ਦੇ ਨਿਰਦੇਸ਼ਾਂ ਤਹਿਤ ਗੁਰਦਾਸਪੁਰ ਪੁਲਿਸ ਨੇ ਥਾਣਾ ਭੈਣੀ ਮੀਆਂ ਖਾਂ ਦੇ ਅਧੀਨ ਆਉਂਦੇ ਪਿੰਡ ਮੋਚਪੁਰ ਦੇ ਲਾਗੇ ਦਰਿਆ ਬਿਆਸ ਦੇ ਏਰੀਏ ਵਿੱਚ ਸ੍ਰੀ ਰਾਜਬੀਰ ਸਿੰਘ, ਡੀ.ਐੱਸ.ਪੀ. ਧਾਰੀਵਾਲ/ਗੁਰਦਾਸਪੁਰ ਅਤੇ ਇੰਸਪੈਕਟਰ ਸੁਮਨਪ੍ਰੀਤ ਕੌਰ ਮਾਨ ਮੁੱਖ ਅਫ਼ਸਰ ਥਾਣਾ ਭੈਣੀ ਮੀਆਂ ਖਾਂ ਦੀ ਅਗਵਾਈ ਹੇਠ ਪੁਲਿਸ ਜਵਾਨਾਂ ਵੱਲੋਂ ਐਕਸਾਈਜ਼ ਵਿਭਾਗ ਦੇ ਨਾਲ ਮਿਲ ਕੇ ਸਾਂਝੀ ਰੇਡ ਦੌਰਾਨ ਨਜਾਇਜ਼ ਸ਼ਰਾਬ ਅਤੇ ਲਾਹਣ ਬਰਾਮਦ ਕਰਨ ਵਿੱਚ ਸਫ਼ਲਤਾ ਹਾਸਲ ਕੀਤੀ ਹੈ।

ਐੱਸ.ਐੱਸ.ਪੀ. ਗੁਰਦਾਸਪੁਰ ਸ੍ਰੀ ਹਰੀਸ਼ ਦਾਯਮਾ ਨੇ ਇਸ ਬਾਰੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਪੁਲਿਸ ਵਿਭਾਗ ਅਤੇ ਐਕਸਾਈਜ਼ ਵਿਭਾਗ ਦੇ ਸਾਂਝੇ ਓਪਰੇਸ਼ਨ ਦੌਰਾਨ ਮੌਚਪੁਰ ਨੇੜੇ ਦਰਿਆ ਬਿਆਸ ਦੇ ਲਾਗੇ ਪਲਾਸਟਿਕ ਦੇ 10 ਕੈਨ ਨਜਾਇਜ਼ ਸ਼ਰਾਬ (300540 ਐੱਮ.ਐੱਲ.), ਪਲਾਸਟਿਕ ਦੀਆਂ 10 ਤਰਪਾਲਾਂ ਜਿਨ੍ਹਾਂ ਵਿੱਚ ਲਾਹਣ (2000 ਕੇ.ਜੀ.) ਅਤੇ ਪਲਾਸਟਿਕ ਦੀਆਂ 12 ਤਰਪਾਲਾਂ ਜਿਨ੍ਹਾਂ ਵਿੱਚ ਲਾਹਣ (2400 ਕੇ.ਜੀ.) ਬਰਾਮਦ ਹੋਈਆਂ ਹਨ। ਉਨ੍ਹਾਂ ਕਿਹਾ ਕਿ ਇਨ੍ਹਾਂ ਬਰਾਮਦਗੀਆਂ ਲਈ ਥਾਣਾ ਭੈਣੀ ਮੀਆਂ ਖਾਂ ਵਿਖੇ ਐਕਸਾਈਜ਼ ਐਕਟ ਤਹਿਤ 3 ਵੱਖ-ਵੱਖ ਮੁਕੱਦਮੇ ਦਰਜ ਕੀਤੇ ਗਏ ਹਨ। ਉਨ੍ਹਾਂ ਕਿਹਾ ਕਿ ਪੁਲਿਸ ਵੱਲੋਂ ਅਗਲੀ ਤਫ਼ਤੀਸ਼ ਕੀਤੀ ਜਾ ਰਹੀ ਹੈ ਅਤੇ ਦੋਸ਼ੀਆਂ ਨੂੰ ਜਲਦ ਹੀ ਗ੍ਰਿਫ਼ਤਾਰ ਕਰ ਲਿਆ ਜਾਵੇਗਾ।

ਐੱਸ.ਐੱਸ.ਪੀ. ਗੁਰਦਾਸਪੁਰ ਸ੍ਰੀ ਹਰੀਸ਼ ਦਾਯਮਾ ਨੇ ਕਿਹਾ ਕਿ ਚੋਣਾਂ ਦੌਰਾਨ ਨਸ਼ਿਆਂ ਦੀ ਵਰਤੋਂ ਨੂੰ ਰੋਕਣ ਲਈ ਪੁਲਿਸ ਵਿਭਾਗ ਵੱਲੋਂ ਵਿਸ਼ੇਸ਼ ਚੌਕਸੀ ਵਰਤੀ ਜਾ ਰਹੀ ਅਤੇ ਨਸ਼ਿਆਂ ਦੇ ਗੈਰ-ਕਾਨੂੰਨੀ ਕਾਰੋਬਾਰ ਕਰਨ ਵਾਲੇ ਕਿਸੇ ਵੀ ਵਿਅਕਤੀ ਨੂੰ ਬਖਸ਼ਿਆ ਨਹੀਂ ਜਾਵੇਗਾ।

ਪੁਲਿਸ ਵਿਭਾਗ ਦੀ ਇਸ ਰੇਡ ਵਿੱਚ ਐਕਸਾਈਜ ਵਿਭਾਗ ਦੇ ਇੰਸਪੈਕਟਰ ਬਿਕਰਮਜੀਤ ਸਿੰਘ, ਐਕਸਾਈਜ ਇੰਸਪੈਕਟਰ ਅਨਿਲ ਕੁਮਾਰ, ਐਕਸਾਈਜ ਇੰਸਪੈਕਟਰ ਹਰਵਿੰਦਰ ਸਿੰਘ ਅਤੇ ਐਕਸਾਈਜ ਇੰਸਪੈਕਟਰ ਵਿਜੇ ਕੁਮਾਰ ਵੀ ਮੌਜੂਦ ਸਨ।

Related posts