–ਨਾੜ ਨੂੰ ਅੱਗ ਲਗਾਉਣ ਵਾਲੇ, 6 ਕਿਸਾਨਾਂ ਨੂੰ 15000 ਰੁਪਏ ਦਾ ਕੀਤਾ ਜੁਰਮਾਨਾ-ਰੈਵੀਨਿਊ ਰਿਕਾਰਡ ਵਿੱਚ ਕੀਤੀ ਰੈੱਡ ਐਂਟਰੀ
ਗੁਰਦਾਸਪੁਰ, 26 ਸਤੰਬਰ ( ਬਿਊਰੋ ਰਿਪੋਰਟ ) ਮਾਨਯੋਗ ਨੈਸ਼ਨਲ ਗ੍ਰੀਨ ਟ੍ਰਿਬਊਨਲ ਵੱਲੋਂ ਫਸਲਾਂ ਦੀ ਰਹਿੰਦ-ਖੂੰਹਦ ਨੂੰ ਸਾੜਨ ‘ਤੇ ਪਬੰਦੀ ਲਗਾਈ ਗਈ ਹੈ, ਜਿਸ ਦੇ ਚੱਲਦਿਆਂ ਜ਼ਿਲ੍ਹੇ ਵਿੱਚ ਗਠਿਤ ਵੱਖ ਵੱਖ ਟੀਮਾਂ ਵਲੋਂ ਸਖ਼ਤ ਨਜ਼ਰ ਰੱਖੀ ਜਾ ਰਹੀ ਹੈ। ਅੱਜ ਜ਼ਿਲ੍ਹੇ ਵਿੱਚ 6 ਕਿਸਾਨਾ ਵੱਲੋਂ ਪਰਾਲੀ/ਨਾੜ ਨੂੰ ਅੱਗ ਲਗਾਈ ਗਈ, ਜਿਸ ਕਾਰਨ ਉਨ੍ਹਾਂ ਨੂੰ 15,000 ਰੁਪਏ ਦਾ ਜੁਰਮਾਨਾ ਕਰਕੇ , ਰੈਵੀਨਿਊ ਰਿਕਾਰਡ ਵਿੱਚ ਰੈੱਡ ਐਂਟਰੀ ਕੀਤੀ ਗਈ ਹੈ।
ਇਸ ਸਬੰਧੀ ਜਾਣਕਾਰੀ ਦਿੰਦਿਆਂ ਸ੍ਰੀ ਉਮਾ ਸ਼ੰਕਰ ਗੁਪਤਾ, ਡਿਪਟੀ ਕਮਿਸ਼ਨਰ ਗੁਰਦਾਸਪੁਰ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਪਿੰਡ ਤਲਵੰਡੀ ਬਖ਼ਤਾਂ, ਦੋਲਤਪੁਰ ਦੇ ਤਿੰਨ ਕਿਸਾਨਾਂ, ਸਰਵਾਲੀ ਅਤੇ ਮਾਨਸੈਂਡਵਾਲ ਦੇ 6 ਕਿਸਾਨਾਂ ਵੱਲੋਂ ਅੱਗ ਲਗਾਈ ਗਈ ਹੈ। ਜਿਸ ਲਈ 2500 ਰੁਪਏ ਦੇ ਹਿਸਾਬ ਨਾਲ 6 ਕਿਸਾਨਾਂ ਨੂੰ 15000 ਰੁਪਏ ਜੁਰਮਾਨਾ ਕੀਤਾ ਗਿਆ ਅਤੇ ਰੈਵਨਿਊ ਰਿਕਾਰਡ ਵਿੱਚ ਰੈੱਡ ਐਂਟਰੀਆਂ ਕੀਤੀਆਂ ਗਈਆਂ।
ਡਿਪਟੀ ਕਮਿਸ਼ਨਰ ਨੇ ਅੱਗੇ ਕਿਹਾ ਕਿ ਜ਼ਿਲ੍ਹਾ ਪ੍ਰਸ਼ਾਸਨ ਵੱਲੋਂ ਝੋਨੇ ਦੀ ਫ਼ਸਲ ਦੀ ਕਟਾਈ ਤੋਂ ਬਾਅਦ ਫ਼ਸਲ ਦੀ ਰਹਿੰਦ ਖੁੰਹਦ ਨੂੰ ਨਾ ਸਾੜਨ ਲਈ ਜਾਗਰੂਕਤਾ ਮੁਹਿੰਮ ਵਿੱਢੀ ਗਈ ਹੈ ਅਤੇ ਕਿਸਾਨਾ ਨੂੰ ਪਰਾਲੀ ਨਾ ਸਾੜਨ ਦੀ ਅਪੀਲ ਕੀਤੀ ਜਾ ਰਹੀ ਹੈ ।
ਉਨ੍ਹਾਂ ਅੱਗੇ ਦੱਸਿਆ ਕਿ ਕਿਸਾਨਾਂ ਨੂੰ ਪਰਾਲੀ ਦੀ ਸਾਂਭ ਸੰਭਾਲ ਲਈ ਲੋੜੀਂਦੀ ਮਸ਼ਿਨਰੀ ਵੀ ਮੁਹੱਈਆ ਕਰਵਾਈ ਜਾ ਰਹੀ ਹੈ ਪਰ ਫਿਰ ਵੀ ਕੁਝ ਕਿਸਾਨਾ ਵੱਲੋਂ ਜਲਦਬਾਜ਼ੀ ਵਿੱਚ ਪਰਾਲੀ/ਨਾੜ ਨੂੰ ਅੱਗ ਲਗਾਈ ਜਾ ਰਹੀ ਹੈ, ਜੋ ਗੰਭੀਰ ਚਿੰਤਾ ਦਾ ਵਿਸ਼ਾ ਹੈ।
ਡਿਪਟੀ ਕਮਿਸ਼ਨਰ ਨੇ ਜ਼ਿਲ੍ਹੇ ਦੇ ਸਮੂਹ ਕਿਸਾਨਾਂ ਨੂੰ ਅਪੀਲ ਕੀਤੀ ਕਿ ਉਹ ਜ਼ਿਲ੍ਹਾ ਪ੍ਰਸ਼ਾਸ਼ਨ ਨਾਲ ਸਹਿਯੋਗ ਕਰਨ ਅਤੇ ਪਰਾਲੀ/ਨਾੜ ਨੂੰ ਅੱਗ ਨਾ ਲਾਉਣ।
ਉਨ੍ਹਾਂ ਕਿਸਾਨ ਵੀਰਾਂ ਨੂੰ ਅਪੀਲ ਕੀਤੀ ਕਿ ਉਹ ਮਾਨਯੋਗ ਨੈਸ਼ਨਲ ਗਰੀਨ ਟ੍ਰਿਬਿਊਨਲ ਦੀਆਂ ਹਦਾਇਤਾਂ ਦੀ ਪਾਲਣਾ ਕਰਦੇ ਹੋਏ ਫਸਲ ਦੀ ਰਹਿੰਦ-ਖੂੰਹਦ ਨੂੰ ਅੱਗ ਨਾ ਲਗਾਉਣ।