ਗੁਰਦਾਸਪੁਰ, 1 ਦਸੰਬਰ – ਭਾਰਤ ਸਰਕਾਰ ਦੀਆਂ ਹਦਾਇਤਾਂ ਤਹਿਤ ਜ਼ਿਲ੍ਹਾ ਗੁਰਦਾਸਪੁਰ ਵਿੱਚ ਲਿੰਗ ਅਧਾਰਤ ਹਿੰਸਾ ਦੇ ਵਿਰੁੱਧ ਮਿਤੀ 25 ਨਵੰਬਰ ਤੋਂ 20 ਦਸੰਬਰ ਤੱਕ ਵਿਸ਼ੇਸ਼ ਮੁਹਿੰਮ ਚਲਾਈ ਜਾ ਰਹੀ ਹੈ ਜਿਸ ਤਹਿਤ ਸਵੈ ਸਹਾਇਤਾ ਸਮੂਹਾਂ ਨਾਲ ਜੁੜੀਆਂ ਔਰਤਾਂ ਨੂੰ ਘਰੇਲੂ ਹਿੰਸਾ ਵਿਰੁੱਧ ਅਵਾਜ਼ ਉਠਾਉਣ ਅਤੇ ਕਾਨੂੰਨੀ ਮਦਦ ਬਾਰੇ ਜਾਣਕਾਰੀ ਦਿੱਤੀ ਜਾ ਰਹੀ ਹੈ।
ਇਸ ਸਬੰਧੀ ਜਾਣਕਾਰੀ ਦਿੰਦਿਆਂ ਸ੍ਰੀ ਮਨਮੋਹਨ ਸਿੰਘ, ਵਧੀਕ ਡਿਪਟੀ ਕਮਿਸ਼ਨਰ (ਵਿਕਾਸ), ਗੁਰਦਾਸਪੁਰ ਨੇ ਦੱਸਿਆ ਕਿ ਇਸ ਮੁਹਿੰਮ ਤਹਿਤ ਜ਼ਿਲ੍ਹੇ ਦੇ ਹਰੇਕ ਬਲਾਕ ਵਿੱਚੋਂ 15 ਪਿੰਡਾਂ ਵਿੱਚ ਸਵੈ ਸਹਾਇਤਾ ਸਮੂਹਾਂ ਨਾਲ ਜੁੜੀਆਂ ਔਰਤਾਂ ਨੂੰ ਘਰੇਲੂ ਹਿੰਸਾ ਵਿਰੁੱਧ ਜਾਗਰੂਕ ਕੀਤਾ ਜਾ ਰਿਹਾ ਹੈ ਅਤੇ ਨਾਲ ਹੀ ਔਰਤਾਂ ਨੂੰ ਦਿੱਤੀ ਜਾਂਦੀ ਕਾਨੂੰਨੀ ਮਦਦ ਅਤੇ ਸਰਕਾਰ ਵੱਲੋਂ ਵੱਖ-ਵੱਖ ਸਕੀਮਾਂ ਅਧੀਨ ਦਿੱਤੀਆਂ ਜਾਣ ਵਾਲੀਆਂ ਸਹੂਲਤਾਂ ਸਬੰਧੀ ਜਾਣੂ ਕਰਵਾਇਆ ਜਾ ਰਿਹਾ ਹੈ।
ਸ੍ਰੀ ਅਮਰਪਾਲ ਸਿੰਘ, ਜਿਲ੍ਹਾ ਪ੍ਰੋਗਰਾਮ ਮੈਨੇਜਰ, ਆਜੀਵਿਕਾ ਮਿਸ਼ਨ ਵੱਲੋਂ ਦੱਸਿਆ ਗਿਆ ਕਿ ਜਿਲ੍ਹਾ ਗੁਰਦਾਸਪੁਰ ਵਿੱਚ ਹੁਣ ਤੱਕ ਕੁੱਲ 3725 ਸਵੈ ਸਹਾਇਤਾ ਸਮੂਹਾਂ ਵਿੱਚ ਤਕਰੀਬਨ 41869 ਔਰਤਾਂ ਨੂੰ ਜੋੜਿਆ ਗਿਆ ਹੈ। ਇਹਨਾ ਸਵੈ ਸਹਾਇਤਾ ਸਮੂਹਾਂ ਵਿੱਚ ਜੁੜ ਕੇ ਔਰਤਾਂ ਵੱਲੋਂ ਸਰਕਾਰ ਅਤੇ ਬੈਂਕਾਂ ਤੋਂ ਵਿੱਤੀ ਸਹਾਇਤਾ ਪ੍ਰਾਪਤ ਕਰਕੇ ਕਿੱਤਾ ਮੁੱਖੀ ਰੁਜ਼ਗਾਰ ਚਲਾਏ ਜਾ ਰਹੇ ਹਨ ਜਿਸ ਨਾਲ ਉਹਨਾਂ ਦੁਆਰਾ ਆਪਣੇ ਪਰਿਵਾਰ ਦੀ ਆਮਦਨ ਵਿੱਚ ਵਾਧਾ ਕੀਤਾ ਜਾਂਦਾ ਹੈ।