
ਚੰਡੀਗੜ੍ਹ, 13 ਫਰਵਰੀ(ਬਿਊਰੋ ਰਿਪੋਰਟ) -ਪੰਜਾਬ ਵਿਜੀਲੈਂਸ ਬਿਊਰੋ ਵਲੋਂ ਅੰਮ੍ਰਿਤਸਰ ਵਿਖੇ ਇਕ ਏਐਸਆਈ ਨੂੰ 40 ਹਾਜਰ ਰਿਸ਼ਵਤ ਲੈਂਦੀਆਂ ਰਾਂਹੀ ਹੱਥੀਂ ਗ੍ਰਿਫ਼ਤਾਰ ਕਰਨ ਦਾ ਦਾਅਵਾ ਕੀਤਾ ਹੈ। ਜਦਕਿ ਗੁਰਦਾਸਪੁਰ ਦੇ ਕਾਦੀਆਂ ਵਿਖੇ ਵੀ 10 ਹਾਜਰ ਰੁਪਏ ਰਿਸ਼ਵਤ ਲੈਂਦਾ ਪੀ.ਐੱਸ.ਪੀ.ਸੀ.ਐੱਲ. ਦਾ ਜੇ.ਈ. ਵਿਜੀਲੈਂਸ ਬਿਊਰੋ ਵੱਲੋਂ ਕਾਬੂ ਕਰਨ ਦਾ ਦਾਅਵਾ ਕੀਤਾ ਗਿਆ ਹੈ।
ਇਹ ਖੁਲਾਸਾ ਕਰਦੇ ਹੋਏ ਰਾਜ ਵਿਜੀਲੈਂਸ ਬਿਊਰੋ ਦੇ ਇੱਕ ਸਰਕਾਰੀ ਬੁਲਾਰੇ ਨੇ ਕਿਹਾ ਕਿ ਉਪਰੋਕਤ ਮੁਲਜ਼ਮਾਂ ਨੂੰ ਅੰਮ੍ਰਿਤਸਰ ਜ਼ਿਲ੍ਹੇ ਦੀ ਤਹਿਸੀਲ ਬਾਬਾ ਬਕਾਲਾ ਦੇ ਪਿੰਡ ਵਜ਼ੀਰ ਭੁੱਲਰ ਦੇ ਵਸਨੀਕ ਸਿਕੰਦਰ ਸਿੰਘ ਦੁਆਰਾ ਦਰਜ ਕਰਵਾਈ ਗਈ ਸ਼ਿਕਾਇਤ ਦੇ ਆਧਾਰ ‘ਤੇ ਗ੍ਰਿਫ਼ਤਾਰ ਕੀਤਾ ਗਿਆ ਹੈ।

ਉਨ੍ਹਾਂ ਅੱਗੇ ਦੱਸਿਆ ਕਿ ਸ਼ਿਕਾਇਤਕਰਤਾ ਨੇ ਵਿਜੀਲੈਂਸ ਬਿਊਰੋ ਕੋਲ ਪਹੁੰਚ ਕਰਕੇ ਆਪਣੀ ਸ਼ਿਕਾਇਤ ਵਿੱਚ ਦੋਸ਼ ਲਗਾਇਆ ਕਿ ਉਪਰੋਕਤ ਏਐਸਆਈ ਦੁਆਰਾ ਜਾਂਚ ਕੀਤੇ ਜਾ ਰਹੇ ਇੱਕ ਪੁਲਿਸ ਕੇਸ ਵਿੱਚ ਉਸਦੀ (ਸ਼ਿਕਾਇਤਕਰਤਾ), ਉਸਦੇ ਪਿਤਾ ਅਤੇ ਭਰਾ ਦਾ ਪੱਖ ਲੈਣ ਬਦਲੇ 1,50,000 ਰੁਪਏ ਦੀ ਰਿਸ਼ਵਤ ਮੰਗੀ ਹੈ। ਇਹ ਏਐਸਆਈ ਪਹਿਲਾਂ ਹੀ ਗੂਗਲ ਪੇਅ ਰਾਹੀਂ ਉਸ ਕੋਲੋਂ 10,000 ਰੁਪਏ ਲੈ ਚੁੱਕੀ ਹੈ ਅਤੇ ਹੁਣ 40,000 ਰੁਪਏ ਰਿਸ਼ਵਤ ਦੀ ਦੂਜੀ ਕਿਸ਼ਤ ਦੀ ਮੰਗ ਕਰ ਰਹੀ ਹੈ।
ਬੁਲਾਰੇ ਨੇ ਅੱਗੇ ਕਿਹਾ ਕਿ ਇਸ ਸ਼ਿਕਾਇਤ ਦੀ ਤਸਦੀਕ ਤੋਂ ਬਾਅਦ ਅੰਮ੍ਰਿਤਸਰ ਰੇਂਜ ਦੀ ਇੱਕ ਵਿਜੀਲੈਂਸ ਬਿਊਰੋ ਟੀਮ ਨੇ ਇੱਕ ਜਾਲ ਵਿਛਾਇਆ ਜਿਸ ਦੌਰਾਨ ਇਸ ਏਐਸਆਈ ਦੇ ਉਪਰੋਕਤ ਸਾਥੀ ਨੂੰ ਦੋ ਸਰਕਾਰੀ ਗਵਾਹਾਂ ਦੀ ਹਾਜ਼ਰੀ ਵਿੱਚ ਸ਼ਿਕਾਇਤਕਰਤਾ ਤੋਂ 40,000 ਰੁਪਏ ਦੀ ਰਿਸ਼ਵਤ ਲੈਂਦੇ ਹੋਏ ਰੰਗੇ ਹੱਥੀਂ ਕਾਬੂ ਕਰ ਲਿਆ। ਇਸ ਤੋਂ ਬਾਅਦ ਉਕਤ ਮੁਲਜ਼ਮ ਏਐਸਆਈ ਨੂੰ ਵੀ ਇਸ ਮੁਕੱਦਮੇ ਵਿੱਚ ਗ੍ਰਿਫ਼ਤਾਰ ਕਰ ਲਿਆ ਗਿਆ।
ਉਨ੍ਹਾਂ ਅੱਗੇ ਕਿਹਾ ਕਿ ਇਸ ਸਬੰਧ ਵਿੱਚ ਦੋਵਾਂ ਮੁਲਜ਼ਮਾਂ ਵਿਰੁੱਧ ਭ੍ਰਿਸ਼ਟਾਚਾਰ ਰੋਕੂ ਕਾਨੂੰਨ ਤਹਿਤ ਵਿਜੀਲੈਂਸ ਬਿਊਰੋ ਦੇ ਥਾਣਾ ਅੰਮ੍ਰਿਤਸਰ ਰੇਂਜ ਵਿਖੇ ਮੁਕੱਦਮਾ ਦਰਜ ਕੀਤਾ ਗਿਆ ਹੈ। ਦੋਵਾਂ ਮੁਲਜ਼ਮਾਂ ਨੂੰ ਕੱਲ੍ਹ ਸਮਰੱਥ ਅਦਾਲਤ ਵਿੱਚ ਪੇਸ਼ ਕੀਤਾ ਜਾਵੇਗਾ ਅਤੇ ਇਸ ਮਾਮਲੇ ਦੀ ਹੋਰ ਜਾਂਚ ਜਾਰੀ ਹੈ।
ਜਦਕਿ ਦੂਜੇ ਪਾਸੇ ਗੁਰਦਾਸਪੁਰ ਜ਼ਿਲ੍ਹੇ ਦੇ ਸਬ ਡਿਵੀਜ਼ਨ ਕਾਦੀਆਂ ਵਿਖੇ ਪੰਜਾਬ ਸਟੇਟ ਪਾਵਰ ਕਾਰਪੋਰੇਸ਼ਨ ਲਿਮਟਿਡ (ਪੀ.ਐੱਸ.ਪੀ.ਸੀ.ਐੱਲ.) ਦੇ ਦਫ਼ਤਰ ਵਿੱਚ ਜੂਨੀਅਰ ਇੰਜੀਨੀਅਰ (ਜੇ.ਈ.) ਵਜੋਂ ਤਾਇਨਾਤ ਜਤਿੰਦਰ ਸਿੰਘ ਨੂੰ 10,000 ਰੁਪਏ ਰਿਸ਼ਵਤ ਮੰਗਣ ਅਤੇ ਲੈਣ ਦੇ ਦੋਸ਼ ਹੇਠ ਗ੍ਰਿਫ਼ਤਾਰ ਕੀਤਾ ਹੈ।

ਜਾਣਕਾਰੀ ਦਿੰਦਿਆਂ ਰਾਜ ਵਿਜੀਲੈਂਸ ਬਿਊਰੋ ਦੇ ਸਰਕਾਰੀ ਬੁਲਾਰੇ ਨੇ ਦੱਸਿਆ ਕਿ ਉਕਤ ਮੁਲਜ਼ਮ ਨੂੰ ਕਾਦੀਆਂ ਦੇ ਮੁਹੱਲਾ ਤਰਖਾਣਵਾਲੀ ਦੇ ਵਸਨੀਕ ਕਸ਼ਮੀਰ ਸਿੰਘ ਵੱਲੋਂ ਦਰਜ ਕਰਵਾਈ ਗਈ ਸ਼ਿਕਾਇਤ ਦੇ ਆਧਾਰ ‘ਤੇ ਗ੍ਰਿਫ਼ਤਾਰ ਕੀਤਾ ਗਿਆ ਹੈ।
ਉਨ੍ਹਾਂ ਦੱਸਿਆ ਕਿ ਸ਼ਿਕਾਇਤਕਰਤਾ ਨੇ ਵਿਜੀਲੈਂਸ ਬਿਊਰੋ ਕੋਲ ਪਹੁੰਚ ਕਰਕੇ ਦੋਸ਼ ਲਗਾਇਆ ਹੈ ਕਿ ਉਕਤ ਮੁਲਜ਼ਮ ਨੇ ਉਸਦੀ ਨੂੰਹ ਦੇ ਨਵੇਂ ਬਣ ਰਹੇ ਘਰ ਲਈ ਅਸਥਾਈ ਘਰੇਲੂ ਬਿਜਲੀ ਕੁਨੈਕਸ਼ਨ ਦੇਣ ਬਦਲੇ 10,000 ਰੁਪਏ ਦੀ ਰਿਸ਼ਵਤ ਮੰਗ ਕੀਤੀ ਹੈ।
ਬੁਲਾਰੇ ਨੇ ਅੱਗੇ ਕਿਹਾ ਕਿ ਉਸਦੀ ਸ਼ਿਕਾਇਤ ਦੀ ਮੁੱਢਲੀ ਜਾਂਚ ਉਪਰੰਤ ਵਿਜੀਲੈਂਸ ਬਿਊਰੋ ਦੀ ਇੱਕ ਟੀਮ ਨੇ ਜਾਲ ਵਿਛਾਇਆ ਜਿਸ ਦੌਰਾਨ ਉਕਤ ਮੁਲਜ਼ਮ ਨੂੰ ਦੋ ਸਰਕਾਰੀ ਗਵਾਹਾਂ ਦੀ ਹਾਜ਼ਰੀ ਵਿੱਚ ਸ਼ਿਕਾਇਤਕਰਤਾ ਤੋਂ 10,000 ਰੁਪਏ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕਾਬੂ ਕਰ ਲਿਆ ਗਿਆ।
ਉਨ੍ਹਾਂ ਅੱਗੇ ਕਿਹਾ ਕਿ ਇਸ ਸਬੰਧੀ ਉਕਤ ਮੁਲਜ਼ਮ ਵਿਰੁੱਧ ਵਿਜੀਲੈਂਸ ਬਿਊਰੋ ਥਾਣਾ, ਰੇਂਜ ਅੰਮ੍ਰਿਤਸਰ ਵਿਖੇ ਭ੍ਰਿਸ਼ਟਾਚਾਰ ਰੋਕੂ ਕਾਨੂੰਨ ਤਹਿਤ ਕੇਸ ਦਰਜ ਕੀਤਾ ਗਿਆ ਹੈ। ਮੁਲਜ਼ਮ ਨੂੰ ਕੱਲ੍ਹ ਅਦਾਲਤ ਵਿੱਚ ਪੇਸ਼ ਕੀਤਾ ਜਾਵੇਗਾ ਅਤੇ ਇਸ ਕੇਸ ਦੀ ਅਗਲੇਰੀ ਜਾਂਚ ਵਿਜੀਲੈਂਸ ਬਿਊਰੋ ਯੂਨਿਟ ਗੁਰਦਾਸਪੁਰ ਵੱਲੋਂ ਕੀਤੀ ਜਾ ਰਹੀ ਹੈ।