
—ਪੰਜਾਬ ਸਰਕਾਰ ਸੰਕਟ ਦੀ ਇਸ ਘੜੀ ਵਿੱਚ ਹੜ੍ਹ ਪੀੜ੍ਹਤਾਂ ਦੇ ਨਾਲ – ਰੰਧਾਵਾ
ਡੇਰਾ ਬਾਬਾ ਨਾਨਕ/ਗੁਰਦਾਸਪੁਰ, 08 ਸਤੰਬਰ – ਵਿਧਾਨ ਸਭਾ ਹਲਕਾ ਡੇਰਾ ਬਾਬਾ ਨਾਨਕ ਦੇ ਵਿਧਾਇਕ ਸ. ਗੁਰਦੀਪ ਸਿੰਘ ਰੰਧਾਵਾ ਵੱਲੋਂ ਅੱਜ ਹਲਕੇ ਦੇ ਪਿੰਡ ਸਿੰਘਪੁਰਾ, ਸ਼ਾਮਪੁਰਾ, ਗੁਰਚੱਕ ਤੇ ਤਲਵੰਡੀ ਹਿੰਦੂਆਂ ਵਿਖੇ ਹੜ੍ਹ ਪ੍ਰਭਾਵਿਤ ਪਰਿਵਾਰਾਂ ਦੇ ਨਾਲ ਮੁਲਾਕਾਤ ਕਰਕੇ ਹੜ੍ਹਾਂ ਦੀ ਸਥਿਤੀ ਦਾ ਜਾਇਜ਼ਾ ਲਿਆ, ਉਨ੍ਹਾਂ ਨੂੰ ਹੌਂਸਲਾ ਦਿੰਦੇ ਹੋਏ ਹਰ ਸੰਭਵ ਮਦਦ ਦਾ ਭਰੋਸਾ ਦਿੱਤਾ। ਇਸ ਮੌਕੇ ਉਨ੍ਹਾਂ ਜਿਨ੍ਹਾਂ ਪਰਿਵਾਰਾਂ ਦੇ ਮਕਾਨ ਡਿੱਗ ਗਏ ਹਨ, ਉਨ੍ਹਾਂ ਨਾਲ ਮੁਲਾਕਾਤ ਕੀਤੀ ਅਤੇ ਭਰੋਸਾ ਦਿੱਤਾ ਕਿ ਪੰਜਾਬ ਸਰਕਾਰ ਵੱਲੋਂ ਉਨ੍ਹਾਂ ਦੀ ਹਰ ਸੰਭਵ ਸਹਾਇਤਾ ਕੀਤੀ ਜਾਵੇਗੀ। ਇਸ ਦੌਰਾਨ ਵਿਧਾਇਕ ਸ. ਗੁਰਦੀਪ ਸਿੰਘ ਰੰਧਾਵਾ ਵੱਲੋਂ ਹੜ੍ਹ ਪੀੜ੍ਹਤ ਪਰਿਵਾਰਾਂ ਨੂੰ ਪੰਜਾਬ ਸਰਕਾਰ ਵੱਲੋਂ ਰਾਹਤ ਸਮਗਰੀ ਵੀ ਵੰਡੀ ਗਈ। ਇਸ ਮੌਕੇ ਉਨ੍ਹਾਂ ਨਾਲ ਜ਼ਿਲ੍ਹਾ ਯੋਜਨਾ ਕਮੇਟੀ ਦੇ ਨਵ-ਨਿਯੁਕਤ ਚੇਅਰਮੈਨ ਅਤੇ ਆਮ ਆਦਮੀ ਪਾਰਟੀ ਦੇ ਜ਼ਿਲ੍ਹਾ ਪ੍ਰਧਾਨ ਜੋਬਨ ਰੰਧਾਵਾ, ਚੇਅਰਮੈਨ ਬਲਵਿੰਦਰ ਸਿੰਘ ਹਰੂਵਾਲ, ਰਜਤ ਮਰਵਾਹਾ ਤੇ ਹੋਰ ਆਗੂ ਵੀ ਹਾਜ਼ਰ ਸਨ/

ਇਸ ਮੌਕੇ ਹੜ੍ਹ ਪੀੜ੍ਹਤਾਂ ਨੂੰ ਹੌਂਸਲਾ ਦਿੰਦਿਆਂ ਵਿਧਾਇਕ ਸ. ਗੁਰਦੀਪ ਸਿੰਘ ਰੰਧਾਵਾ ਨੇ ਕਿਹਾ ਕਿ ਪੰਜਾਬ ਸਰਕਾਰ ਇਸ ਸੰਕਟ ਦੀ ਘੜੀ ਵਿੱਚ ਹੜ੍ਹਾਂ ਪੀੜ੍ਹਤਾਂ ਦੇ ਨਾਲ ਖੜੀ ਹੈ। ਉਨ੍ਹਾਂ ਕਿਹਾ ਕਿ ਸਰਕਾਰ ਵੱਲੋਂ ਹੜ੍ਹਾਂ ਨਾਲ ਹੋਏ ਨੁਕਸਾਨ ਦਾ ਮੁਲਾਂਕਣ ਕੀਤਾ ਜਾ ਰਿਹਾ ਹੈ ਅਤੇ ਜਿਨ੍ਹਾਂ ਪਰਿਵਾਰਾਂ ਦਾ ਨੁਕਸਾਨ ਹੋਇਆ ਹੈ ਉਨ੍ਹਾਂ ਦੀ ਹਰ ਸੰਭਵ ਸਹਾਇਤਾ ਕੀਤੀ ਜਾਵੇਗੀ। ਉਨ੍ਹਾਂ ਕਿਹਾ ਕਿ ਹੜ੍ਹਾਂ ਕਾਰਨ ਫ਼ਸਲਾਂ ਦੇ ਹੋਏ ਨੁਕਸਾਨ ਦਾ ਵੀ ਮੁਆਵਜ਼ਾ ਦਿੱਤਾ ਜਾਵੇਗਾ।
ਸ. ਗੁਰਦੀਪ ਸਿੰਘ ਰੰਧਾਵਾ ਨੇ ਕਿਹਾ ਕਿ ਕੱਲ੍ਹ ਪ੍ਰਧਾਨ ਮੰਤਰੀ ਸ੍ਰੀ ਨਰਿੰਦਰ ਮੋਦੀ ਦੇ ਗੁਰਦਾਸਪੁਰ ਤੇ ਪਠਾਨਕੋਟ ਦੇ ਹੜ੍ਹ ਪ੍ਰਭਾਵਿਤ ਖੇਤਰਾਂ ਦਾ ਦੌਰਾ ਕਰਨ ਆ ਰਹੇ ਹਨ ਅਤੇ ਪ੍ਰਧਾਨ ਮੰਤਰੀ ਵੱਲੋਂ ਹੜ੍ਹਾਂ ਨਾਲ ਜੂਝ ਰਹੇ ਪੰਜਾਬ ਨੂੰ ਜ਼ਰੂਰ ਕੋਈ ਰਾਹਤ ਪੈਕੇਜ ਦੇ ਕੇ ਜਾਣਾ ਚਾਹੀਦਾ ਹੈ। ਉਨ੍ਹਾਂ ਕਿਹਾ ਕਿ ਇਸ ਦੇ ਨਾਲ ਹੀ ਕੇਂਦਰ ਸਰਕਾਰ ਪੰਜਾਬ ਦੀ 50,000 ਕਰੋੜ ਰੁਪਏ ਦੀ ਬਕਾਇਆ ਰਾਸ਼ੀ ਵੀ ਤੁਰੰਤ ਜਾਰੀ ਕਰੇ।